Punjab News

ਕਿਸਾਨਾਂ ’ਤੇ ਹੋਏ ਲਾਠੀਚਾਰਜ ਨੂੰ ਲੈ ਕੇ ਡਾ. ਦਲਜੀਤ ਚੀਮਾ ਦਾ ਮੁੱਖ ਮੰਤਰੀ ਖੱਟੜ ‘ਤੇ ਵੱਡਾ ਹਮਲਾ

ਰੂਪਨਗਰ- ਬੀਤੇ ਦਿਨੀਂ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ ਜਿੱਥੇ ਕਿਸਾਨਾਂ ਦੇ ਵਿਚ ਰੋਸ ਪਾਇਆ ਜਾ ਰਿਹਾ ਹੈ, ਉਥੇ ਹੀ ਇਸ ਮਾਮਲੇ ਵਿਚ ਸਿਆਸੀ ਪਾਰਟੀਆਂ ਵੱਲੋਂ ਵੀ ਇਕ ਦੂਜੇ ਖ਼ਿਲਾਫ਼ ਸ਼ਬਦੀ ਹਮਲੇ ਤੇਜ਼ ਕਰ ਦਿੱਤੇ ਗਏ ਹਨ। ਇਸ ਮਾਮਲੇ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਵਿਰੋਧੀ ਪਾਰਟੀਆਂ ਖ਼ਿਲਾਫ਼ ਦਿੱਤੇ ਬਿਆਨ ‘ਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਮੁੱਖ ਮੰਤਰੀ ਖੱਟੜ ਕਿਸਾਨ ‘ਤੇ ਹੋਏ ਲਾਠੀਚਾਰਜ ਮਾਮਲੇ ਦੀ ਨਿਆਂਇਕ ਜਾਂਚ ਕਰਵਾਉਣ ਦੀ ਬਜਾਏ, ਇਸ ਤੇ ਘਟੀਆ ਰਾਜਨੀਤੀ ਕਰ ਰਹੇ ਹਨ।


ਕਾਂਗਰਸ ਦੇ ਆਪਸੀ ਕਾਟੋ ਕਲੇਸ਼ ਨੂੰ ਲੈ ਕੇ ਨਵਜੋਤ ਸਿੱਧੂ ਵੱਲੋਂ ਇੱਟ ਨਾਲ ਇੱਟ ਖੜ੍ਹਕਾਉਣ ਦੇ ਦਿੱਤੇ ਬਿਆਨ ‘ਤੇ ਡਾ. ਦਲਜੀਤ ਸਿੰਘ ਚੀਮਾ ਨੇ ਬੋਲਦੇ ਹੋਏ ਕਿਹਾ ਕਿ ਜੋ ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ਦਾ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਨਵਜੋਤ ਸਿੱਧੂ ਵਾਲੀ ਚਾਲ ਚੱਲੀ ਸੀ, ਉਹ ਕਾਂਗਰਸ ਲਈ ਪਈ ਪੁੱਠੀ ਗਈ। ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਆਪਣੇ ਹੀ ਮੁੱਖ ਮੰਤਰੀ ਨੂੰ ਸਲਾਹ ਦੇ ਰਹੇ ਨਵਜੋਤ ਸਿੰਘ ਸਿੱਧੂ ਦੀ ਵਾਇਰਲ ਹੋਈ ਵੀਡਿਓ ‘ਤੇ ਡਾ. ਦਲਜੀਤ ਸਿੰਘ ਚੀਮਾ ਨੇ ਬੋਲਦੇ ਹੋਏ ਕਿਹਾ ਕਿ ਸਿੱਧੂ ਸਾਬ੍ਹ ਲੋਕਾਂ ਦਾ ਹੁਣ ਵੀਡੀਓ ਦੇ ਨਾਲ ਢਿੱਡ ਨਹੀਂ ਭਰਨਾ, ਤੁਸੀਂ ਡਰਾਮੇ ਬੰਦ ਕਰ ਦਿਓ।

 

ਜ਼ਿਕਰਯੋਗ ਹੈ ਕਿ ਜਿਸ ਤਰ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਮੀਡੀਆ ਨਾਲ ਗੱਲਬਾਤ ਦੌਰਾਨ ਗਿਆ ਹੈ ਕਿ ਦਿੱਲੀ ਦੇ ਬਾਰਡਰਾਂ ਉੱਤੇ ਸੰਘਰਸ਼ ਕਰ ਰਹੇ ਕਿਸਾਨ ਪੰਜਾਬ ਦੇ ਕਿਸਾਨ ਹਨ, ਉਨ੍ਹਾਂ ਦੇ ਵਿਚ ਹਰਿਆਣੇ ਦਾ ਕੋਈ ਵੀ ਕਿਸਾਨ ਨਹੀਂ ਹੈ। ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਹੁਣ ਪੰਜਾਬ ਦੇ ਕਿਸਾਨਾਂ ਦੇ ਨਾਲ-ਨਾਲ ਹਰਿਆਣੇ ਦੇ ਕਿਸਾਨਾਂ ਦੇ ਵਿੱਚ ਵੀ ਇਸ ਗੱਲ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ ਕਿ ਜਿੰਨੇ ਪੰਜਾਬ ਦੇ ਕਿਸਾਨ ਹਰਿਆਣਾ ਦਿੱਲੀ ਦੇ ਬਾਰਡਰ ਉੱਤੇ ਬੈਠੇ ਹਨ, ਉਨੀ ਹੀ ਤਦਾਦ ਵਿੱਚ ਹਰਿਆਣੇ ਦੇ ਕਿਸਾਨ ਵੀ ਡਟੇ ਹੋਏ ਹਨ।