India News

ਡਾ. ਮਨਮੋਹਨ ਸਿੰਘ ਭਖਾਉਣਗੇ ਪੰਜਾਬ ਦਾ ਚੋਣ ਪਿੜ

ਚੰਡੀਗੜ੍ਹ: ਕਾਂਗਰਸ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਮੈਦਾਨ ਵਿੱਚ ਉਤਾਰ ਕੇ ਵਿਰੋਧੀਆਂ ਦੇ ਹੌਸਲੇ ਪਸਤ ਕਰਨਾ ਚਾਹੁੰਦੀ ਹੈ। ਪਿਛਲੀ ਵਾਰ ਵੀ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅੰਮ੍ਰਿਤਸਰ ਤੋਂ ਮੈਦਾਨ ਵਿੱਚ ਉਤਾਰ ਕੇ ਪੂਰੇ ਪੰਜਾਬ ਦਾ ਸਿਆਸੀ ਅਖਾੜਾ ਭਖਾ ਦਿੱਤਾ ਸੀ। ਕੈਪਟਨ ਨੇ ਬੀਜੇਪੀ ਦੇ ਥੰਮ੍ਹ ਅਰੁਣ ਜੇਤਲੀ ਨੂੰ ਹਰਾਇਆ ਸੀ।

ਇਸੇ ਰਣਨੀਤੀ ਤਹਿਤ ਪੰਜਾਬ ਕਾਂਗਰਸ ਨੇ ਡਾ. ਮਨਮੋਹਨ ਸਿੰਘ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਲੜਨ ਦਾ ਸੱਦਾ ਦਿੱਤਾ ਹੈ। ਐਤਵਾਰ ਨੂੰ ਪੰਜਾਬ ਦੇ ਲੀਡਰਾਂ ਨੇ ਬਾਕਾਇਦਾ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਕਾਤ ਕਰਨ ਵਾਲਿਆਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਸ਼ਾਮਲ ਸਨ।

ਪੰਜਾਬ ਦੇ ਲੀਡਰਾਂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਪੰਜਾਬ ਤੋਂ ਲੋਕ ਸਭਾ ਚੋਣ ਲੜਣ ਦੀ ਪੇਸ਼ਕਸ਼ ਕੀਤੀ। ਡਾ. ਮਨਮੋਹਨ ਸਿੰਘ ਨੇ ਉਨ੍ਹਾਂ ਨੂੰ ਇਸ ਪੇਸ਼ਕਸ਼ ’ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਹਾਈਕਮਾਨ ਵੀ ਇਸ ਬਾਰੇ ਵਿਚਾਰ ਕਰ ਰਹੀ ਹੈ। ਡਾ. ਮਨਮੋਹਨ ਸਿੰਘ ਅੰਮ੍ਰਿਤਸਰ ਤੋਂ ਹੀ ਹਨ। ਇਸ ਲਈ ਉਨ੍ਹਾਂ ਦੇ ਮੈਦਾਨ ਵਿੱਚ ਆਉਣ ਨਾਲ ਕਾਂਗਰਸ ਨੂੰ ਲਾਹਾ ਹੋਏਗਾ। ਉਧਰ, ਬੀਜੇਪੀ ਇਸ ਵਾਰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ‘ਤੇ ਦਾਅ ਖੇਡਣ ਦੀ ਤਿਆਰੀ ਕਰ ਰਹੀ ਹੈ।