India News

ਪੰਜਾਬ ਦੇ ਵਿੱਤੀ ਸੰਕਟ ਲਈ ਅਕਾਲੀ ਜ਼ਿੰਮੇਵਾਰ- ਹੰਝੂ ਨਾ ਵਹਾਓ: ਕੈਪਟਨ

ਨਵੀਂ ਦਿੱਲੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਵਿੱਤੀ ਸਥਿਤੀ ‘ਤੇ ਮਨਪ੍ਰੀਤ ਬਾਦਲ ਦਾ ਅਸਤੀਫਾ ਮੰਗਣ ਬਾਰੇ ਸ਼੍ਰੋਮਣੀ ਅਕਾਲੀ ਦਲ ਦੀ ਮੰਗ ਨੂੰ ਹਾਸੋਹੀਣਾ ਦੱਸਦਿਆਂ ਆਖਿਆ ਕਿ ਸੂਬੇ ਨੂੰ ਆਰਥਿਕ ਸੰਕਟ ਵਿੱਚ ਧੱਕਣ ਲਈ ਪੂਰੀ ਤਰ੍ਹਾਂ ਅਕਾਲੀ ਜ਼ਿੰਮੇਵਾਰ ਹਨ ਜਿਸ ਨੂੰ ਪੈਰਾਂ ਸਿਰ ਕਰਨ ਲਈ ਉਨ੍ਹਾਂ ਦੀ ਸਰਕਾਰ ਸਖ਼ਤ ਮਿਹਨਤ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ 10 ਸਾਲ ਸੱਤਾ ਸੁੱਖ ਭੋਗਣ ਵਾਲੇ ਅਕਾਲੀਆਂ ਨੇ ਆਪਣੇ ਨਿੱਜੀ ਮੁਫ਼ਾਦਾਂ ਖਾਤਰ ਸੂਬੇ ਦੀ ਆਰਥਿਕਤਾ ਨੂੰ ਮੂਧੇ-ਮੂੰਹ ਸੁੱਟ ਦਿੱਤਾ ਸੀ। ਮੁੱਖ ਮੰਤਰੀ ਨੇ ਆਪਣੇ ਪਿਛਲੇ ਕਾਰਜਕਾਲ ਨੂੰ ਚੇਤੇ ਕੀਤਾ ਜਦੋਂ ਉਨ੍ਹਾਂ ਦੀ ਸਰਕਾਰ ਨੇ ਮਜ਼ਬੂਤ ਆਰਥਿਕਤਾ ਛੱਡੀ ਸੀ ਪਰ ਅਕਾਲੀ-ਭਾਜਪਾ ਗੱਠਜੋੜ ਨੇ ਆਪਣੀਆਂ ਲੋਕ ਵਿਰੋਧੀ ਅਤੇ ਮਾੜੀਆਂ ਨੀਤੀਆਂ ਨਾਲ ਇਸ ਨੂੰ ਤਬਾਹ ਕਰਕੇ ਰੱਖ ਦਿੱਤਾ।

ਉਨ੍ਹਾਂ ਕਿਹਾ ਕਿ ਅਕਾਲੀਆਂ ਤੇ ਉਸ ਦੀ ਭਾਈਵਾਲ ਭਾਜਪਾ ਨੇ ਆਪਣੇ ਦਹਾਕਾ ਲੰਮੇ ਸਾਸ਼ਨਕਾਲ ਦੌਰਾਨ ਸੂਬੇ ਦੇ ਖਜ਼ਾਨੇ ਦਾ ਸਾਰਾ ਪੈਸਾ ਬਰਬਾਦ ਕਰ ਦਿੱਤਾ ਅਤੇ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਹਾਂ-ਪੱਖੀ ਕਦਮ ਨਹੀਂ ਚੁੱਕੇ।

ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਅਕਾਲੀਆਂ ਦੀਆਂ ਨਾਂਹ-ਪੱਖੀ ਨੀਤੀਆਂ ਨੇ ਨਿਵੇਸ਼ਕਾਂ ਦੇ ਜਜ਼ਬਾਤਾਂ ਨੂੰ ਪੂਰੀ ਤਰ੍ਹਾਂ ਮਧੋਲ ਕੇ ਰੱਖ ਦਿੱਤਾ ਜਿਸ ਦੇ ਨਤੀਜੇ ਵਜੋਂ ਉਦਯੋਗ ਅਤੇ ਕਾਰੋਬਾਰੀ ਸੂਬੇ ਤੋਂ ਹਿਜਰਤ ਲਈ ਮਜਬੂਰ ਹੋ ਗਏ ਸਨ। ਇਨ੍ਹਾਂ ਨੀਤੀਆਂ ਕਰਕੇ ਹੀ ਸੂਬੇ ਸਿਰ ਕਰਜ਼ੇ ਦਾ ਬੋਝ ਹੋਰ ਵਧ ਗਿਆ ਅਤੇ ਉਨ੍ਹਾਂ ਦੀ ਸਰਕਾਰ ਇਹ ਕਰਜ਼ਾ ਲਾਹੁਣ ਲਈ ਜਦੋ-ਜਹਿਦ ਕਰ ਰਹੀ ਹੈ।