India News

ਬੇਰੁਜ਼ਗਾਰ ਟੈੱਟ ਪਾਸ ਅਧਿਆਪਕਾਂ ‘ਤੇ ਲਾਠੀਚਾਰਜ

 ਪਟਿਆਲਾ-ਨੌਕਰੀ ਦੀ ਮੰਗ ਲਈ ਰੋਸ ਪ੍ਰਦਰਸ਼ਨ ਕਰ ਰਹੇ ਐਲੀਮੈਂਟਰੀ ਟੀਚਰ ਟ੍ਰੇਨਿੰਗ (ਈਟੀਟੀ) ਅਤੇ ਟੈਟ ਬੇਰੁਜ਼ਗਾਰ ਅਧਿਆਪਕਾਂ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ। ਇਹ ਅਧਿਆਪਕ ਪਟਿਆਲਾ ਵਿਖੇ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਮੋਤੀ ਮਹਿਲ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।

ਮਿਲੀ ਜਾਣਕਾਰੀ ਮੁਤਾਬਕ ਜਦੋਂ ਬੇਰੁਜ਼ਗਾਰ ਅਧਿਆਪਕ ਦੁਪਹਿਰ ਨੂੰ ਨਹਿਰੂ ਪਾਰਕ ਵਿਖੇ ਇਕੱਠੇ ਹੋਏ ਤਾਂ ਪੁਲਿਸ ਵੱਲੋਂ ਨਹਿਰੂ ਪਾਰਕ ਦੀ ਘੇਰਾਬੰਦੀ ਕਰ ਦਿੱਤੀ ਗਈ। ਉਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਨੇ ਨਹਿਰੂ ਪਾਰਕ ਦੀਆਂ ਤਾਰਾਂ ਨੂੰ ਟੱਪ ਕੇ ਸਿੱਧਾ ਮੋਤੀ ਮਹਿਲ ਵੱਲ ਵਧਣਾ ਸ਼ੁਰੂ ਕਰ ਦਿੱਤਾ।

ਇਸ ਦੌਰਾਨ ਉਨ੍ਹਾਂ ਦਾ ਪੁਲਿਸ ਨਾਲ ਟਕਰਾਅ ਹੋਇਆ ਅਤੇ ਪੁਲਿਸ ਨੇ ਲਾਠੀਚਾਰਜ ਕਰ ਉਨ੍ਹਾਂ ਨੂੰ ਬੂਰੀ ਤਰ੍ਹਾਂ ਖਦੇੜਿਆ। ਇਸ ਲਾਠੀਚਾਰਜ ‘ਚ ਕਈ ਅਧਿਆਪਕਾਂ ਦੇ ਸੱਟਾਂ ਵੀ ਲੱਗੀਆਂ। ਪੁਲਿਸ ਵੱਲੋਂ ਕਈ ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਦੌਰਾਨ ਕਈ ਮੁਜ਼ਾਹਰਾਕਾਰੀਆਂ ਦੀਆਂ ਦਸਤਾਰਾਂ ਵੀ ਉਤਰੀਆਂ, ਜਿਸ ਨੂੰ ਅਧਿਆਪਕ ਆਗੂਆਂ ਵੱਲੋਂ ਮੰਦਭਾਗਾ ਕਰਾਰ ਦਿੱਤਾ ਗਿਆ ਹੈ।

 ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅਧਿਆਪਕਾਂ ਦੀਆਂ ਬਹੁਤ ਸਾਰੀਆਂ ਅਸਾਮੀਆਂ ਖਾਲ੍ਹੀ ਪਈਆਂ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਭਰਿਆ ਨਹੀਂ ਜਾ ਰਿਹਾ। ਸਰਕਾਰ ਵੱਲੋਂ ਬੀ.ਐਡ ਦੀਆਂ ਮਾਤਰ 2000 ਦੇ ਕਰੀਬ ਅਤੇ ਈਟੀਟੀ ਦੀਆਂ ਕਰੀਬ 500 ਪੋਸਟਾਂ ਕੱਢ ਕੇ ਉਨ੍ਹਾਂ ਨਾਲ ਮਜ਼ਾਕ ਕੀਤਾ ਗਿਆ ਹੈ।