World

ਭਾਰਤ ਨਾਲ ਤਣਾਅ ਦੇ ਬਾਵਜੂਦ ਕਰਤਾਰਪੁਰ ਲਾਂਘੇ ਨੂੰ ਪੂਰਾ ਕਰਨ ਲਈ ਵਚਨਬੱਧ: ਪਾਕਿ

ਇਸਲਾਮਾਬਾਦ-ਐਤਵਾਰ ਨੂੰ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਇੱਕ ਸੀਨੀਅਰ ਸਹਾਇਕ ਨੇ ਕਿਹਾ ਕਿ ਪਾਕਿਸਤਾਨ ਭਾਰਤ ਨਾਲ ਸਬੰਧਾਂ ਵਿੱਚ ਤਣਾਅ ਦੇ ਬਾਵਜੂਦ, ਬਾਬਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘੇ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਡੇਰਾ ਸਾਹਿਬ ਨੂੰ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ ਅਤੇ ਭਾਰਤੀ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਮੁਕਤ ਆਉਣ-ਜਾਣ ਦੀ ਸਹੂਲਤ ਮੁਹੱਈਆ ਕਰਵਾਏਗਾ।
ਸਿੱਖ ਸ਼ਰਧਾਲੂਆਂ ਨੂੰ ਕੇਵਲ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਰਮਿਟ ਦੀ ਲੋੜ ਹੋਵੇਗੀ। ਕਰਤਾਰਪੁਰ ਸਾਹਿਬ ਗੁਰਦੁਆਰੇ ਦੀ ਸਥਾਪਨਾ 1522 ਵਿੱਚ ਬਾਬਾ ਗੁਰੂ ਨਾਨਕ ਦੇਵ ਜੀ ਨੇ ਕੀਤੀ ਸੀ।
ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਾਇਕ ਫਿਰਦੌਸ ਆਸ਼ਿਕ ਅਵਾਨ ਨੇ ਵੱਖ-ਵੱਖ ਟਵੀਟਾਂ ਵਿੱਚ ਕਿਹਾ ਕਿ ਕਰਤਾਰਪੁਰ ਸਿੱਖਾਂ ਲਈ ਇੱਕ ਪਵਿੱਤਰ ਸਥਾਨ ਹੈ ਅਤੇ ਅੰਤਰ-ਧਾਰਮਿਕ ਸਦਭਾਵਨਾ ਲਈ ਇੱਕ ਚੰਗੀ ਉਦਾਹਰਣ ਹੈ।
ਉਨ੍ਹਾਂ ਨੇ ਇਨ੍ਹਾਂ ਖ਼ਬਰਾਂ ਨੂੰ ਖਾਰਿਜ ਕਰ ਦਿੱਤਾ ਕਿ ਪਾਕਿ ਨੇ ਭਾਰਤ ਨਾਲ ਸਬੰਧਾਂ ਵਿੱਚ ਨਵੇਂ ਸਿਰੇ ਤੋਂ ਤਣਾਅ ਕਾਰਨ ਕੋਰੀਡੋਰ ਦਾ ਕੰਮ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ-ਪਾਕਿਸਤਾਨ ਸਬੰਧਾਂ ਵਿੱਚ ਤਣਾਅ ਦੇ ਬਾਵਜੂਦ ਉਨ੍ਹਾਂ ਦੇ ਦੇਸ਼ ਦੇ ਦਰਵਾਜ਼ੇ ਦਰਬਾਰ ਸਾਹਿਬ ਕਰਤਾਰਪੁਰ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ ਖੁੱਲ੍ਹੇ ਹਨ।
ਰੇਡੀਓ ਪਾਕਿਸਤਾਨ ਦੇ ਅਨੁਸਾਰ, ਉਨ੍ਹਾਂ ਕਿਹਾ ਕਿ ਵੱਧ ਰਿਹਾ ਅਤਿਵਾਦ ਅਤੇ ਅਸਹਿਣਸ਼ੀਲਤਾ ਦੀ ਦੁਨੀਆਂ ਵਿੱਚ ਕਰਤਾਰਪੁਰ ਲਾਂਘਾ ਸਨਮਾਨ ਅਤੇ ਸਹਿਣਸ਼ੀਲਤਾ ਦੇ ਸੰਦੇਸ਼ ਨੂੰ ਫੈਲਾਉਂਦਾ ਹੈ। ਅਵਾਨ ਨੇ ਕਿਹਾ ਕਿ ਪਾਕਿਸਤਾਨ ਦੇ ਝੰਡੇ ਵਿੱਚ ਚਿੱਟਾ ਰੰਗ ਘੱਟ ਗਿਣਤੀਆਂ ਨੂੰ ਦਰਸਾਉਂਦਾ ਹੈ ਅਤੇ ਇਹ ਸਰਕਾਰ ਨੂੰ ਉਨ੍ਹਾਂ ਹੀ ਪਸੰਦ ਹੈ, ਜਿੰਨਾ ਹਰਾ ਰੰਗ।
ਉਨ੍ਹਾਂ ਕਿਹਾ ਕਿ ਇਸ ਲਾਂਘੇ ਦਾ ਉਦਘਾਟਨ ਇਸ ਸਾਲ ਨਵੰਬਰ ਵਿੱਚ ਤਹਿ ਕੀਤੇ ਸਮੇਂ ਅਨੁਸਾਰ ਹੋਵੇਗਾ। 5 ਅਗਸਤ ਨੂੰ ਸੰਵਿਧਾਨ ਦੀ ਧਾਰਾ 370 ਅਧੀਨ ਜੰਮੂ-ਕਸ਼ਮੀਰ ਨੂੰ ਦਿੱਤੇ ਵਿਸ਼ੇਸ਼ ਰੁਤਬੇ ਦੇ ਖ਼ਤਮ ਕਰਨ ਅਤੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਵੰਡਣ ਦੇ ਮੱਦੇਨਜ਼ਰ ਦੋਵਾਂ ਦੇਸ਼ਾਂ ਵਿੱਚ ਤਣਾਅ ਵਧਿਆ ਹੈ। ਉਦੋਂ ਤੋਂ ਪਾਕਿਸਤਾਨ ਨੇ ਨਵੀਂ ਦਿੱਲੀ ਨਾਲ ਕੂਟਨੀਤਕ ਸੰਬੰਧਾਂ ਨੂੰ ਘਟਾ ਦਿੱਤਾ ਹੈ।