World

ਯੂ. ਐੱਨ. ਨੇ ਅਫਗਾਨਿਸਤਾਨ ‘ਚ ਸਿੱਖਾਂ ਤੇ ਹਿੰਦੂਆਂ ‘ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ

ਸੰਯੁਕਤ ਰਾਸ਼ਟਰ— ਸੰਯੁਕਤ ਰਾਸ਼ਟਰ (ਯੂ. ਐੱਨ.) ਦੇ ਜਨਰਲ ਸਕੱਤਰ ਐਂਟੋਨੀਓ ਗੁਤਾਰੇਸ ਨੇ ਅਫਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ‘ਚ ਹੋਏ ਆਤਮਘਾਤੀ ਹਮਲੇ ‘ਚ 19 ਲੋਕਾਂ ਦੇ ਮਾਰੇ ਜਾਣ ਦੀ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਨਾਗਰਿਕਾਂ ‘ਤੇ ਕੀਤੇ ਜਾਣ ਵਾਲੇ ਕਿਸੇ ਵੀ ਹਮਲੇ ਨੂੰ ਸਹੀ ਨਹੀਂ ਠਹਿਰਾਇਆ ਜਾ ਸਕਦਾ ਅਤੇ ਇਹ ਕੌਮਾਂਤਰੀ ਕਾਨੂੰਨ ਦਾ ਸਪੱਸ਼ਟ ਉਲੰਘਣ ਹੈ। ਸੰਯੁਕਤ ਰਾਸ਼ਟਰ ਦੇ ਮੁਖੀ ਦੇ ਬੁਲਾਰੇ ਨੇ ਉਨ੍ਹਾਂ ਵਲੋਂ ਬਿਆਨ ਜਾਰੀ ਕਰਦੇ ਹੋਏ ਕਿਹਾ,”ਪੀੜਤਾਂ ‘ਚੋਂ ਵਧੇਰੇ ਅਫਗਾਨਿਸਤਾਨ ਦੇ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਲੋਕ ਹਨ। ਜਨਰਲ ਸਕੱਤਰ ਪੀੜਤਾਂ ਦੇ ਪਰਿਵਾਰ ਵਾਲਿਆਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕਰਦੇ ਹਨ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੇ ਹਨ।” ਉਨ੍ਹਾਂ ਕਿਹਾ ਕਿ ਜਨਰਲ ਸਕੱਤਰ ਨੇ ਸਾਰੇ ਘੱਟ ਗਿਣਤੀ ਭਾਈਚਾਰਿਆਂ ਸਮੇਤ ਨਾਗਰਿਕਾਂ ਦੀ ਸੁਰੱਖਿਆ ਦੇ ਕਰਤੱਵ ਨਿਭਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਨਾਗਰਿਕਾਂ ਨੂੰ ਨਿਸ਼ਾਨਾ ਨਾ ਬਣਾਇਆ ਜਾਵੇ।
ਆਈ. ਐੱਸ. ਆਈ. ਐੱਸ. ਦੇ ਇਕ ਹਮਲਾਵਰ ਨੇ ਐਤਵਾਰ ਨੂੰ ਪੂਰਬੀ ਸ਼ਹਿਰ ਜਲਾਲਾਬਾਦ ‘ਚ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੂੰ ਮਿਲਣ ਲਈ ਜਾ ਰਹੇ ਸਿੱਖਾਂ ਅਤੇ ਹਿੰਦੂਆਂ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ ਸੀ। ਕੁੱਝ ਖਬਰਾਂ ‘ਚ ਦੱਸਿਆ ਗਿਆ ਹੈ ਕਿ ਹਮਲੇ ‘ਚ 19 ਲੋਕ ਮਾਰੇ ਗਏ ਜਿਨ੍ਹਾਂ ‘ਚੋਂ 17 ਘੱਟ ਗਿਣਤੀ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਸਨ।