ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਭਰ ‘ਚ ਮੈਡੀਕਲ ਆਕਸੀਜਨ ਦੀ ਸਪਲਾਈ ਵਧਾਉਣ ਅਤੇ ਉਸ ਦੀ ਉਪਲੱਬਧਤਾ ਦੀ ਸਮੀਖਿਆ ਲਈ ਸ਼ੁੱਕਰਵਾਰ ਨੂੰ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਨਗੇ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਦਿੱਤੀ ਹੈ।
ਦੱਸਣਯੋਗ ਹੈ ਕਿ ਕੋਵਿਡ-19 ਦੀ ਦੂਜੀ ਲਹਿਰ ਦੌਰਾਨ ਇਸ ਸਾਲ ਅਪ੍ਰੈਲ-ਮਈ ਦੇ ਮਹੀਨੇ ਆਕਸੀਜਨ ਦੀ ਮੰਗ ‘ਚ ਅਚਾਨਕ ਤੇਜ਼ੀ ਆ ਗਈ ਸੀ। ਇਸ ਦੇ ਮੱਦੇਨਜ਼ਰ ਦੇਸ਼ ਦੇ ਕਈ ਸੂਬਿਆਂ ‘ਚ ਜੀਵਨ ਰੱਖਿਅਕ ਆਕਸੀਜਨ ਦੀ ਘਾਟ ਦੇ ਮਾਮਲੇ ਵੀ ਸਾਹਮਣੇ ਆਏ ਸਨ। ਇਸ ਦੇ ਬਾਅਦ ਤੋਂ ਸਰਕਾਰ ਵਲੋਂ ਆਕਸੀਜਨ ਦਾ ਉਤਪਾਦਨ ਵਧਾਉਣ ਅਤੇ ਉਸ ਦੀ ਬਿਨਾਂ ਰੁਕਾਵਟ ਸਪਲਾਈ ਯਕੀਨੀ ਕਰਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੰਕਰਮਣ ਦੀ ਤੀਜੀ ਲਹਿਰ ਆਉਣ ਦੇ ਖ਼ਦਸ਼ੇ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੈਠਕਾਂ ਕਰ ਰਹੇ ਹਨ ਅਤੇ ਭਵਿੱਖ ‘ਚ ਆਕਸੀਜਨ ਦੀ ਕੋਈ ਘਾਟ ਨਾ ਹੋ ਸਕੇ, ਇਸ ਲਈ ਕਦਮ ਵੀ ਚੁੱਕ ਰਹੇ ਹਨ। ਦੱਸ ਦੇਈਏ ਕਿ ਤੀਜੀ ਲਹਿਰ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਵੀਰਵਾਰ ਨੂੰ ਕੇਂਦਰੀ ਮੰਤਰੀ ਮੰਡਲ ਨੇ 23 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਪੈਕੇਜ ਨੂੰ ਮਨਜ਼ੂਰੀ ਦਿੱਤੀ ਹੈ।