Punjab News

ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਨਿਯੁਕਤ

ਨਵੀਂ ਦਿੱਲੀ, 18 ਜੁਲਾਈ () ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਸਿੱਧੂ ਦੇ ਨਾਲ ਚਾਰ ਵਰਕਿੰਗ ਪ੍ਰਧਾਨ ਵੀ ਨਿਯੁਕਤ ਕੀਤੇ ਹਨ। ਉਨ੍ਹਾਂ ਵਿੱਚ ਸੰਗਤ ਸਿੰਘ ਗਿਲਜ਼ੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਦੇ ਨਾਮ ਸ਼ਾਮਲ ਹਨ।
ਨਾਗਰਾ ਨੂੰ ਸਿੱਕਮ, ਨਾਗਲੈਂਡ ਅਤੇ ਤ੍ਰਿਪੁਰਾ ਦੀ ਇੰਚਾਰਜੀ ਦੀਆਂ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਹੈ।
ਇਥੇ ਇਹ ਗੱਲ ਵਰਨਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਇਸ ਗੱਲ ਨੂੰ ਲੈ ਕੇ ਭੰਬਲਭੂਸੇ ਵਾਲੀ ਸਥਿਤੀ ਬਣੀ ਹੋਈ ਸੀ ਕਿ ਸਿੱਧੂ ਨੂੰ ਪ੍ਰਧਾਨ ਬਣਾਇਆ ਜਾਂਦਾ ਹੈ ਜਾਂ ਨਹੀਂ। ਇਸ ਦਾ ਕਾਰਨ ਇਹ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਧੂ ਦੀ ਕਾਰਜਸ਼ੈਲੀ ਤੋਂ ਨਾਖੁਸ਼ ਸਨ ਅਤੇ ਉਨ੍ਹਾਂ ਨੇ ਇਸ ਸਬੰਧ ਵਿੱਚ ਕੇਂਦਰੀ ਹਾਈ ਕਮਾਨ ਨੂੰ ਇਕ ਪੱਤਰ ਵੀ ਲਿਖਿਆ ਸੀ ਜਿਸ ਵਿੱਚ ਉਨ੍ਹਾਂ ਨੇ ਆਪਣੇ ਇਤਰਾਜ਼ ਪ੍ਰਗਟ ਕੀਤੇ ਸਨ। ਇਨ੍ਹਾਂ ਇਤਰਾਜ਼ਾਂ ਨੂੰ ਦੂਰ ਕਰਨ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਆ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਮਿਲੇ ਸਨ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਹ ਕੇਂਦਰੀ ਹਾਈ ਕਮਾਨ ਦਾ ਫੈਸਲਾ ਸਵੀਕਾਰ ਕਰਨਗੇ ਪਰ ਨਵਜੋਤ ਸਿੰਘ ਸਿੱਧੂ ਨੂੰ ਉਦੋਂ ਤੱਕ ਨਹੀਂ ਮਿਲਣਗੇ ਜਦੋਂ ਤੱਕ ਉਨ੍ਹਾਂ ਵਲੋਂ ਪਿਛਲੇ ਸਮੇਂ ਦੌਰਾਨ ਕੈਪਟਨ ਦੇ ਖਿਲਾਫ ਕੀਤੇ ਗਏ ਟਵੀਟ ਤੇ ਕੀਤੀ ਗਈ ਬਿਆਨਬਾਜ਼ੀ ਲਈ ਜਨਤਕ ਤੌਰ ‘ਤੇ ਮੁਆਫੀ ਨਹੀਂ ਮੰਗੀ ਜਾਂਦੀ।
ਉਂਝ ਪੰਜਾਬ ਵਿੱਚ ਅੱਜ ਲਗਾਤਾਰ ਸ਼ਿਆਸੀ ਸਰਗਰਮੀਆਂ ਚੱਲਦੀਆਂ ਰਹੀਆਂ।