Punjab News

ਨਵਜੋਤ ਸਿੱਧੂ ਨੇ ਟਵੀਟ ਕਰ ਕੇਜਰੀਵਾਲ ’ਤੇ ਲਾਏ ਨਿਸ਼ਾਨੇ, ਕਿਹਾ-ਲੋਕਾਂ ਨੂੰ ਮੂਰਖ ਬਣਾਉਣਾ ਕਰੋ ਬੰਦ

ਚੰਡੀਗੜ੍ਹ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਜੰਮ ਕੇ ਨਿਸ਼ਾਨੇ ਲਾਏ। ਸਿੱਧੂ ਨੇ ਕੇਜਰੀਵਾਲ ਵੱਲੋਂ ਆਪਣੇ ਪੰਜਾਬ ਦੌਰਿਆਂ ਦੌਰਾਨ ਪੰਜਾਬ ਵਾਸੀਆਂ ਨਾਲ ਕੀਤੇ ਜਾ ਰਹੇ ਐਲਾਨਾਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਵਾਸੀ ਜਾਣਨਾ ਚਾਹੁੰਦੇ ਹਨ ਕਿ ਤੁਸੀਂ ਰੋਜ਼ਾਨਾ ਜਿਹੜੇ ਮੁਫ਼ਤ ਤੋਹਫਿਆਂ ਦਾ ਐਲਾਨ ਕਰਦੇ ਹੋ, ਉਨ੍ਹਾਂ ਲਈ ਪੈਸਾ ਕਿੱਥੋਂ ਆਏਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੂਰਖ ਬਣਾਉਣਾ ਬੰਦ ਕਰ ਦਿਓ, ਜੇ ਤੁਸੀਂ ਵਾਅਦਿਆਂ ਲਈ ਬੁਨਿਆਦੀ ਆਰਥਿਕ ਸਮਰਥਨ ਪ੍ਰਦਾਨ ਨਹੀਂ ਕਰ ਸਕਦੇ। ਇਸ ਦੌਰਾਨ ਉਨ੍ਹਾਂ ‘ਪੰਜਾਬ ਮਾਡਲ’ ਬਾਰੇ ਕਿਹਾ ਕਿ ਪੰਜਾਬੀ ਆਮਦਨ ਦੇ ਹੱਕਦਾਰ ਹਨ, ਨਾ ਕਿ ਭੀਖ ਦੇ।

ਸਿੱਧੂ ਨੇ ਕਿਹਾ ਕਿ ‘ਪੰਜਾਬ ਮਾਡਲ’ ਸਾਰੇ ਪੰਜਾਬੀਆਂ ਲਈ ਆਮਦਨ ਤੇ ਮੌਕੇ ਪ੍ਰਦਾਨ ਕਰਨ ਵਾਲਾ ਮਾਡਲ ਹੈ। ਬੀਤੇ ਦਿਨੀਂ ਵੀ ਨਵਜੋਤ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ’ਤੇ ਤੰਜ ਕੱਸੇ ਸਨ ਤੇ ਕਿਹਾ ਸੀ ਕਿ ਕੇਜਰੀਵਾਲ ਨੂੰ ਪੰਜਾਬ ’ਚ ਲਾੜਾ ਨਹੀਂ ਮਿਲ ਰਿਹਾ, ਜਦਕਿ ਬਰਾਤ ਇਕੱਲੀ ਹੀ ਨੱਚ ਰਹੀ ਹੈ।  ਜ਼ਿਕਰਯੋਗ ਹੈ ਕਿ ਅੱਜ ਆਪਣੇ ਪੰਜਾਬ ਦੌਰੇ ਦੌਰਾਨ ਅਰਵਿੰਦ ਕੇਜਰੀਵਾਲ ਨੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਨੂੰ 5 ਗਾਰੰਟੀਆਂ ਦਿੱਤੀਆਂ ਹਨ। ਇਸ ਤੋਂ ਪਹਿਲਾਂ ਵੀ ਉਹ ਪੰਜਾਬ ਵਾਸੀਆਂ ਨੂੰ ਸਸਤੀ ਬਿਜਲੀ, ਅਧਿਆਪਕਾਂ, ਵਪਾਰੀਆਂ, ਠੇਕਾ ਮੁਲਾਜ਼ਮਾਂ ਤੇ ਲੜਕੀਆਂ ਅਤੇ ਔਰਤਾਂ ਨੂੰ ਗਾਰੰਟੀਆਂ ਦੇ ਚੁੱਕੇ ਹਨ।