Punjab News

ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ

ਅੰਮ੍ਰਿਤਸਰ  – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਮੁੜ ਆਰੰਭਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤਹਿਤ ਪੰਜਾਬ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਅੰਦਰ ਵੱਖ-ਵੱਖ ਥਾਵਾਂ ’ਤੇ ਸਮਾਗਮ ਆਯੋਜਤ ਕੀਤੇ ਜਾਣਗੇ ਅਤੇ ਵਿਸ਼ਾਲ ਪੱਧਰ ’ਤੇ ਮੁੱਖ ਸਮਾਗਮ ਵੀ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੋਰੋਨਾ ਕਾਰਨ 400 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਸੰਖੇਪ ਰੂਪ ਵਿੱਚ ਕੀਤੇ ਗਏ ਸਨ ਅਤੇ ਜੇਕਰ ਹਾਲਾਤ ਸੁਖਾਵੇਂ ਰਹੇ ਤਾਂ ਜਲਦ ਹੀ ਸਮਾਗਮ ਮੁੜ ਆਰੰਭੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪ੍ਰਚਾਰਕਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ, ਜੋ ਵੱਖ-ਵੱਖ ਥਾਵਾਂ ’ਤੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣਗੇ।

ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਪਿੰਡਾਂ ਦੇ ਉਨ੍ਹਾਂ ਗ੍ਰੰਥੀਆਂ ਨੂੰ 2 ਹਜ਼ਾਰ ਰੁਪਏ ਮਾਸਿਕ ਸਹਾਇਤਾ ਦੇਣ ਦਾ ਵੀ ਫ਼ੈਸਲਾ ਕੀਤਾ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਤ ਮਰਯਾਦਾ ਨੂੰ ਸਮਰਪਿਤ ਹਨ ਅਤੇ ਘੱਟੋ-ਘੱਟ 10 ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਨਿਰੰਤਰ ਦੇਣਗੇ। ਉਨ੍ਹਾਂ ਕਿਹਾ ਕਿ ਇਹ ਗ੍ਰੰਥੀ ਸ਼ੁੱਧ ਗੁਰਬਾਣੀ ਉਚਾਰਨ ਅਤੇ ਇਤਿਹਾਸ ਤੋਂ ਜਾਣੂ ਹੋਣੇ ਚਾਹੀਦੇ ਹਨ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਦਵਾਈਆਂ ਦੇ ਸਟੋਰ ਅਤੇ ਟੈਸਟਾਂ ਲਈ ਲੈਬ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਇਸ ਸਬੰਧ ਵਿੱਚ ਫ਼ੈਸਲਾ ਕੀਤਾ ਗਿਆ ਸੀ, ਜਿਸ ਦੀ ਤਿਆਰੀ ਚੱਲ ਰਹੀ ਹੈ। ਇਸ ਦੇ ਵਿਸਥਾਰ ਵਿੱਚ ਹੁਣ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਇਹ ਸਟੋਰ ਅਤੇ ਲੈਬ ਖੋਲ੍ਹੀਆਂ ਜਾਣਗੀਆਂ। 

 

ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਦਾ ਮੰਤਵ ਬਿਨਾ ਲਾਭ-ਹਾਨੀ ਦੇ ਲੋੜਵੰਦਾਂ ਨੂੰ ਸਸਤੀਆਂ ਦਵਾਈਆਂ ਮੁਹੱਈਆ ਕਰਵਾਉਣਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਰਾਹੀਂ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਵੀ ਲੋਕਾਂ ਨੂੰ ਵੱਡੀਆਂ ਸਹੂਲਤਾਂ ਦਿੱਤੀਆਂ ਗਈਆਂ। ਇਸ ਤਹਿਤ ਕੋਰੋਨਾ ਕੇਅਰ ਵਾਰਡ ਅਤੇ ਕੋਰੋਨਾ ਵੈਕਸੀਨ ਦਾ ਵਿਸ਼ਾਲ ਪੱਧਰ ’ਤੇ ਪ੍ਰਬੰਧ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ ਪੌਣੇ ਦੋ ਕਰੋੜ ਰੁਪਏ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਸੇਵਾਵਾਂ ਤਹਿਤ ਖਰਚੇ ਜਾ ਚੁੱਕੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਸੇਵਾਵਾਂ ਨਿਰੰਤਰ ਜਾਰੀ ਰਹਿਣਗੀਆਂ ਅਤੇ ਲੋੜ ਅਨੁਸਾਰ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣਗੇ। 

 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮਾਤਾ ਸਾਹਿਬ ਕੌਰ ਕਾਲਜ ਵਿਚ ਹੁਣ 400 ਅੰਮ੍ਰਿਤਧਾਰੀ ਬੱਚੀਆਂ ਨੂੰ ਮੁਫ਼ਤ ਪੜ੍ਹਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਨ੍ਹਾਂ ਬੱਚੀਆਂ ਦੀ ਰਿਹਾਇਸ਼ ਤੇ ਖਾਣੇ ਦਾ ਪ੍ਰਬੰਧ ਵੀ ਸ਼੍ਰੋਮਣੀ ਕਮੇਟੀ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 200 ਬੱਚੀਆਂ ਨੂੰ ਇਹ ਸਹੂਲਤ ਦਿੱਤੀ ਜਾ ਰਹੀ ਸੀ। ਸ਼੍ਰੋਮਣੀ ਕਮੇਟੀ ਦੇ ਇੰਜੀਨੀਅਰਿੰਗ ਕਾਲਜਾਂ ਵਿੱਚ ਦਾਖ਼ਲ ਹੋਣ ਵਾਲੇ ਵਿਦਿਆਰਥੀਆਂ ਨੂੰ 30 ਹਜ਼ਾਰ ਰੁਪਏ ਤੱਕ ਦੀ ਛੋਟ ਦਿੱਤੀ ਜਾਵੇਗੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਨੂੰ ਰਿਹਾਇਸ਼ ਦੀ ਸਹੂਲਤ ਦਾ ਵਿਸਥਾਰ ਕਰਨ ਲਈ ਜਲਦ ਨਵੀਆਂ ਸਰਾਵਾਂ ਦਾ ਨਿਰਮਾਣ ਕਰੇਗੀ। ਇਸ ਤਹਿਤ ਸ੍ਰੀ ਗੁਰੂ ਰਾਮਦਾਸ ਸਰ੍ਹਾ ਵਾਲੀ ਜਗ੍ਹਾ ’ਤੇ ਨਾ-ਵਰਤੋਂਯੋਗ ਕਮਰਿਆਂ ਦੀ ਥਾਂ ਨਵੇਂ ਕਮਰੇ ਬਣਾਏ ਜਾਣਗੇ ਪਰ ਬਾਹਰੀ ਦਿੱਖ ਨੂੰ ਹੂਬਹੂ ਕਾਇਮ ਰੱਖਿਆ ਜਾਵੇਗਾ। 

 

ਬੀਬੀ ਜਗੀਰ ਕੌਰ ਨੇ ਇਹ ਵੀ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਸਰਾਂ ਵਿਚ ਜੂਨ 1984 ਦੇ ਘੱਲੂਘਾਰੇ ਸਮੇਂ ਬਹੁਤ ਸਾਰੇ ਸਿੰਘਾਂ ਦੀਆਂ ਸ਼ਹਾਦਤਾਂ ਵੀ ਹੋਈਆਂ ਹਨ, ਜਿਨ੍ਹਾਂ ਦੀ ਯਾਦ ਨੂੰ ਸੰਭਾਲਣ ਲਈ ਸਰਾਂ ਦੀ ਢੁੱਕਵੀਂ ਥਾਂ ’ਤੇ ਉਨ੍ਹਾਂ ਦੇ ਨਾਮ ਲਿਖੇ ਜਾਣਗੇ ਅਤੇ ਤਸਵੀਰਾਂ ਵੀ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਪਹਿਲੀਆਂ ਸਾਰੀਆਂ ਸਰਾਵਾਂ ਦੇ ਕਮਰਿਆਂ ਦੀ ਲੋੜ ਅਨੁਸਾਰ ਮੁਰੰਮਤ  ਕਰਵਾਈ ਜਾਵੇਗੀ। ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਨੇ ਕਿਸਾਨ ਸੰਘਰਸ਼ ਦੌਰਾਨ ਅਕਾਲ ਚਲਾਣਾ ਕਰਨ ਵਾਲੇ ਕਿਸਾਨਾਂ ਦੇ ਨਾਲ ਨਾਲ ਜ਼ਖ਼ਮੀ ਅਤੇ ਬੀਮਾਰ ਕਿਸਾਨਾਂ ਦੀ ਮਦਦ ਲਈ 3 ਕਰੋੜ ਰੁਪਏ ਦੇ ਕਰੀਬ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ। 

 

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਤਿਆਰ ਕੀਤੇ ਜਾ ਰਹੇ ਜੋੜਾ ਘਰ ਅਤੇ ਵਹੀਕਲ ਸਟੈਂਡ ਦੀ ਖੁਦਾਈ ਦੌਰਾਨ ਮਿਲੇ ਇਮਾਰਤੀ ਢਾਂਚੇ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਬਾਰੇ ਪੁਰਾਤਤਵ ਵਿਭਾਗ ਦੀ ਟੀਮ ਪੁੱਜ ਗਈ ਹੈ ਅਤੇ ਜੇਕਰ ਇਸ ਦਾ ਸਬੰਧ ਸਿੱਖ ਇਤਿਹਾਸ ਨਾਲ ਜੁੜਦਾ ਹੋਇਆ ਤਾਂ ਇਸ ਨੂੰ ਸੰਭਾਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਂਝ ਇਹ ਗਲਿਆਰਾ 1984 ਦੇ ਫ਼ੌਜੀ ਹਮਲੇ ਮਗਰੋਂ ਸਰਕਾਰ ਨੇ ਲੋਕਾਂ ਦੇ ਘਰ ਅਤੇ ਦੁਕਾਨਾਂ ਆਦਿ ਢਾਹ ਕੇ ਬਣਾਇਆ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਰਾਜਨੀਤੀ ਨਹੀਂ ਹੋਣੀ ਚਾਹੀਦੀ, ਕਿਉਂਕਿ ਸ਼੍ਰੋਮਣੀ ਕਮੇਟੀ ਜ਼ਿੰਮੇਵਾਰ ਸੰਸਥਾ ਹੁੰਦਿਆਂ ਸੰਜੀਦਾ ਤੌਰ ’ਤੇ ਕਾਰਜ ਕਰ ਰਹੀ ਹੈ। ਅੰਤ੍ਰਿੰਗ ਕਮੇਟੀ ਵੱਲੋਂ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਅਤੇ ਸਾਬਕਾ ਮੀਤ ਪ੍ਰਧਾਨ ਸ. ਦਲੀਪ ਸਿੰਘ ਮੱਲੂਨੰਗਲ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੀ ਪ੍ਰਵਾਨਗੀ ਦੇਣ ਦੇ ਨਾਲ-ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਨ ਸਿੰਘ ਆਪਣਾ ਮਕਾਨ ਸ੍ਰੀ ਦਰਬਾਰ ਸਾਹਿਬ ਦੇ ਨਾਂ ਲਗਾਉਣ ’ਤੇ ਧੰਨਵਾਦ ਦਾ ਮਤਾ ਪਾਸ ਕੀਤਾ ਗਿਆ। ਅੰਤ੍ਰਿੰਗ ਕਮੇਟੀ ਨੇ ਸਿੱਖ ਵਿਦਵਾਨ ਡਾ. ਜੋਧ ਸਿੰਘ ਅਤੇ ਉਡਣੇ ਸਿੱਖ ਸ. ਮਿਲਖਾ ਸਿੰਘ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਨਵਤੇਜ ਸਿੰਘ ਕਾਉਣੀ ਆਦਿ ਹਾਜ਼ਰ ਸਨ।

 

ਐੱਨ.ਸੀ.ਈ.ਆਰ.ਟੀ. ਦੀਆਂ ਕਿਤਾਬਾਂ ’ਚ ਪ੍ਰਮਾਣਿਕ ਇਤਿਹਾਸ ਸ਼ਾਮਲ ਕਰਨ ਸਬੰਧੀ ਰਾਜ ਸਭਾ ਦੀ ਕਮੇਟੀ ਨੂੰ ਭੇਜਿਆ ਖਰੜਾ – ਬੀਬੀ ਜਗੀਰ ਕੌਰ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਐੱਨ.ਸੀ.ਈ.ਆਰ.ਟੀ. ਵੱਲੋਂ ਵੱਖ-ਵੱਖ ਜਮਾਤਾਂ ਲਈ ਤਿਆਰ ਕੀਤੀਆਂ ਜਾਂਦੀਆਂ ਸਿਲੇਬਸ ਦੀਆਂ ਕਿਤਾਬਾਂ ਵਿੱਚ ਪ੍ਰਮਾਣਿਕ ਇਤਿਹਾਸ ਸ਼ਾਮਲ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਖਰੜਾ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਆਨਲਾਈਨ ਮੀਟਿੰਗ ਸਮੇਂ ਉਨ੍ਹਾਂ ਨੂੰ ਸਿਲੇਬਸ ਦੀਆਂ ਕਿਤਾਬਾਂ ਵਿਚ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ ਦਾ ਮਾਮਲਾ ਉਠਾਇਆ ਗਿਆ ਸੀ ਅਤੇ ਇਸ ਸਬੰਧ ਵਿਚ ਪ੍ਰਮਾਣਕ ਇਤਿਹਾਸ ਨੂੰ ਸ਼ਾਮਲ ਕਰਵਾਉਣ ਲਈ ਕਮੇਟੀ ਗਠਿਤ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਰਾਜ ਸਭਾ ਕਮੇਟੀ ਵੱਲੋਂ ਸੁਝਾਅ ਮੰਗੇ ਗਏ ਹਨ, ਜਿਸ ’ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਸਿੱਖ ਵਿਦਵਾਨਾਂ ਅਤੇ ਸੰਸਥਾਵਾਂ ਨਾਲ ਇਕੱਤਰਤਾਵਾਂ ਕਰਕੇ ਮੁੱਢਲੇ ਤੌਰ ’ਤੇ ਖਰੜਾ ਭੇਜਿਆ ਹੈ। ਇਸ ਖਰੜੇ ਦੇ ਸਬੰਧ ਵਿਚ ਕਰੀਬ 5 ਹਜ਼ਾਰ ਈਮੇਲਾਂ ਵੀ ਪ੍ਰਾਪਤ ਹੋਈਆਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਆਏ ਸੁਝਾਵਾਂ ਅਨੁਸਾਰ ਰਾਜ ਸਭਾ ਕਮੇਟੀ ਨੂੰ ਮੁੜ ਮੁਕੰਮਲ ਕਰਕੇ ਵੀ ਜਲਦ ਹੀ ਭੇਜੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸ ਨਾਲ ਛੇੜ-ਛਾੜ ਕਰਨ ਦੇ ਮਾਮਲਿਆਂ ਪ੍ਰਤੀ ਸਮੇਂ ਸਮੇਂ ’ਤੇ ਅਵਾਜ਼ ਉਠਾ ਕੇ ਚਿਰਾਂ ਤੋਂ ਇਹ ਮੰਗ ਕੀਤੀ ਜਾਂਦੀ ਰਹੀ ਹੈ ਕਿ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਣ ਵਾਲਾ ਇਤਿਹਾਸ ਸ਼੍ਰੋਮਣੀ ਕਮੇਟੀ ਤੋਂ ਪ੍ਰਵਾਨ ਕਰਵਾ ਕੇ ਕਿਤਾਬਾਂ ਵਿੱਚ ਸ਼ਾਮਲ ਕੀਤਾ ਜਾਵੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਰਾਜ ਸਭਾ ਕਮੇਟੀ ਨੂੰ ਇਹ ਅਪੀਲ ਵੀ ਕਰਾਂਗੇ ਕਿ ਮੌਜੂਦਾ ਸਮੇਂ ਇਤਿਹਾਸ ਸ਼ਾਮਲ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਨੂੰ ਦਿਖਾ ਕੇ ਹੀ ਪੁਸਤਕਾਂ ਛਾਪੀਆਂ ਜਾਣ।