India News

ਭਗਵੰਤ ਮਾਨ ਵੱਲੋਂ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਲਈ ਸੰਸਦ ’ਚ ਪੰਜਵੀਂ ਵਾਰ ‘ਕੰਮ ਰੋਕੂ ਮਤਾ’ ਪੇਸ਼

ਨਵੀਂ ਦਿੱਲੀ, 26 ਜੁਲਾਈ

 

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਲਗਾਤਾਰ ਪੰਜਵੀਂ ਵਾਰ ‘ਕੰਮ ਰੋਕੂ ਮਤਾ’ ਸੰਸਦ ਵਿੱਚ ਪੇਸ਼ ਕਰਕੇ ਕਿਸਾਨੀ ਵਿਰੋਧੀ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਦਾ ਸਬੰਧ ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਹੈ। ਇਸ ਲਈ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਹੋਰ ਵਿਚਾਰੇ ਜਾਣ ਵਾਲਿਆਂ ਮੁੱਦਿਆਂ ਤੋਂ ਵੱਖਰੇ ਤੌਰ ’ਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਪਹਿਲ ਦੇ ਆਧਾਰ ’ਤੇ ਚਰਚਾ ਹੋਣੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਵੱਲੋਂ ਜੰਤਰ ਮੰਤਰ ਮੈਦਾਨ ਵਿੱਚ ਚਲਾਈ ਜਾ ਰਹੀ ‘ਕਿਸਾਨ ਸੰਸਦ’ ਦੇਸ਼ਵਾਸੀਆਂ ਵਿੱਚ ਚੇਤਨਤਾ ਅਤੇ ਸਮਾਨਤਾ ਪੈਦਾ ਕਰ ਰਹੀ ਹੈ। ਮਾਨ ਨੇ ਕਿਹਾ, ‘ਸੰਗਰੂਰ ਲੋਕ ਸਭਾ ਹਲਕੇ ਤੋਂ ਲੋਕਾਂ ਨੇ ਮੈਨੂੰ ਇਸੇ ਲਈ ਚੁਣ ਕੇ ਸੰਸਦ ਵਿੱਚ ਭੇਜਿਆ ਹੈ ਤਾਂ ਜੋ ਮੈਂ ਉਨ੍ਹਾਂ ਸਮੇਤ ਪੂਰੇ ਪੰਜਾਬ ਦੇ ਮੁੱਦਿਆਂ ਨੂੰ ਸੰਸਦ ਵਿੱਚ ਚੁੱਕਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਕੰਨਾਂ ਤੱਕ ਪਹੁੰਚਾਵਾਂ।’