Punjab News

ਮੁੱਖ ਮੰਤਰੀ ਚੰਨੀ ਵੱਲੋਂ ਬਾਬਾ ਮਹਾਰਾਜ ਸਿੰਘ ਜੀ ਦੇ ਬੁੱਤ ਦਾ ਉਦਘਾਟਨ

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਪ੍ਰਸਿੱਧ ਸਿੱਖ ਕ੍ਰਾਂਤੀਕਾਰੀ ਬਾਬਾ ਮਹਾਰਾਜ ਸਿੰਘ ਜੀ, ਜੋ ਕਿ ਜੰਗ-ਏ-ਆਜ਼ਾਦੀ ਦੇ ਪਹਿਲੇ ਸ਼ਹੀਦ ਸਨ, ਦੇ ਬੁੱਤ ਦਾ ਉਦਘਾਟਨ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰੱਬੋਂ ਉੱਚੀ ਵਿਖੇ ਕੀਤਾ। ਇਸ ਪਿੱਛੋਂ ਉਨ੍ਹਾਂ ਨੇ ਪਿੰਡ ਦੇ ਹੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਵੀ ਟੇਕਿਆ। ਮੁੱਖ ਮੰਤਰੀ ਦੇ ਨਾਲ ਇਸ ਮੌਕੇ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਹਲਕਾ ਪਾਇਲ ਤੋਂ ਵਿਧਾਇਕ ਲਖਬੀਰ ਸਿੰਘ ਲੱਖਾ, ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਮਹਾਰਾਜ ਸਿੰਘ ਨੇ ਪਹਿਲੀ ਸਿੱਖ-ਅੰਗਰੇਜ਼ ਜੰਗ ਪਿੱਛੋਂ ਪੰਜਾਬ ਵਿੱਚ ਅੰਗਰੇਜ਼ ਵਿਰੋਧੀ ਲਹਿਰ ਦੀ ਅਗਵਾਈ ਕੀਤੀ। ਮੁੱਖ ਮੰਤਰੀ ਨੇ ਲੋਕਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਜੂਝਣ ਹਿੱਤ ਪ੍ਰੇਰਦੇ ਹੋਏ ਆਜ਼ਾਦੀ ਦੀ ਜੰਗ ਦੇ ਇਸ ਪਹਿਲੇ ਸ਼ਹੀਦ ਦੁਆਰਾ ਦਿਖਾਏ ਰਸਤੇ ‘ਤੇ ਚੱਲਣ ਲਈ ਕਿਹਾ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬਾਬਾ ਮਹਾਰਾਜ ਸਿੰਘ ਜੀ ਇਕ ਮਹਾਨ ਕ੍ਰਾਂਤੀਕਾਰੀ ਸਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੀ ਖ਼ਾਤਰ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ 1857 ਦੇ ਵਿਦਰੋਹ ਨੂੰ ਦੇਸ਼ ਦੀ ਆਜ਼ਾਦੀ ਦੀ ਜੰਗ ਦੀ ਸ਼ੁਰੂਆਤ ਵੱਜੋਂ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਹੋਈਆਂ ਪਰ ਇਤਿਹਾਸ ਨੇ ਇਹ ਸਾਬਿਤ ਕਰ ਦਿੱਤਾ ਕਿ ਬਾਬਾ ਮਹਾਰਾਜ ਸਿੰਘ ਨੇ ਉਸੇ ਸਮੇਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਸੰਘਰਸ਼ ਸ਼ੁਰੂ ਕਰ ਦਿੱਤਾ ਸੀ ਜਦੋਂ ਉਨ੍ਹਾਂ ਨੇ ਆਖ਼ਰੀ ਸਿੱਖ ਹੁਕਮਰਾਨ ਮਹਾਰਾਜਾ ਦਲੀਪ ਸਿੰਘ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਛੁਡਾਉਣ ਦੀ ਕੋਸ਼ਿਸ਼ ਕੀਤੀ ਸੀ ਪਰ, ਅੰਗਰੇਜ਼ਾਂ ਨੂੰ ਬਾਬਾ ਮਹਾਰਾਜ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਕੀਤੀ ਗਈ ਯੋਜਨਾਬੰਦੀ ਦੀ ਸੂਹ ਮਿਲ ਗਈ।

ਇਸ ਦੇ ਸਿੱਟੇ ਵੱਜੋਂ ਉਨ੍ਹਾਂ ਨੇ ਬਾਬਾ ਮਹਾਰਾਜ ਸਿੰਘ ਨੂੰ ਕੈਦ ਕਰ ਕੇ ਸਿੰਗਾਪੁਰ ਭੇਜ ਦਿੱਤਾ, ਜਿੱਥੇ ਬਾਬਾ ਮਹਾਰਾਜ ਸਿੰਘ ਜੀ ਕਈ ਤੰਗੀਆਂ ਨਾਲ ਜੂਝਦੇ ਹੋਏ 5 ਜੁਲਾਈ, 1856 ਨੂੰ ਸ਼ਹੀਦ ਹੋ ਗਏ।
ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਮੁੱਖ ਮੰਤਰੀ ਨੇ ਕੋਵਿਡ-19 ਦੀ ਮਹਾਮਾਰੀ ਦੌਰਾਨ ਸ਼ਲਾਘਾਯੋਗ ਕੰਮ ਕਰਨ ਲਈ ਧਾਰਮਿਕ ਸ਼ਖ਼ਸੀਅਤਾਂ ਨੂੰ ਪ੍ਰਮਾਣ-ਪੱਤਰ ਦੇ ਕੇ ਸਨਮਾਨਿਤ ਵੀ ਕੀਤਾ। ਹੈਲੀਪੈਡ ਵਾਪਸ ਜਾਂਦੇ ਸਮੇਂ ਮੁੱਖ ਮੰਤਰੀ ਨੂੰ ਸੜਕ ਦੇ ਨਾਲ ਖੜ੍ਹੇ ਕੁੱਝ ਲੋਕ ਦਿਸੇ। ਆਪਣੇ ਕਾਫ਼ਲੇ ਨੂੰ ਕੁੱਝ ਦੇਰ ਲਈ ਰੁਕਣ ਦਾ ਇਸ਼ਾਰਾ ਕਰਦੇ ਹੋਏ ਮੁੱਖ ਮੰਤਰੀ ਨੇ ਇਨ੍ਹਾਂ ਨਿਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਦੀ ਤਸੱਲੀ ਮੁਤਾਬਕ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦਾ ਭਰੋਸਾ ਵੀ ਦੁਆਇਆ।