Punjab News

ਲਖੀਮਪੁਰ ਖੀਰੀ ਘਟਨਾ: ਮ੍ਰਿਤਕਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਜਲੰਧਰ/ਲਖਨਊ— ਲਖੀਮਪੁਰ ਖੀਰੀ ’ਚ ਮਾਰੇ ਗਏ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਲਖਨਊ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਲਖੀਮਪੁਰ ਖੀਰੀ ਘਟਨਾ ’ਚ ਮਾਰੇ ਗਏ ਕਿਸਾਨਾਂ ਸਮੇਤ ਮਿ੍ਰਤਕ ਪੱਤਰਕਾਰ ਦੇੇ ਪਰਿਵਾਰਾਂ ਨੂੰ 50 ਲੱਖ ਰੁਪਏ ਦੇਣ ਦਾ ਐਲਾਨ ਕਰਦੀ ਹੈ। ਪੰਜਾਬ ਸਰਕਾਰ ਵੱਲੋਂ ਇਹ ਰਕਮ ਮਿ੍ਰਤਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ। ਦੂਜੇ ਪਾਸੇ ਛੱਤੀਸਗੜ੍ਹ ਸਰਕਾਰ ਵੱਲੋਂ ਵੀ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। 

ਜਾਣੋ ਕੀ ਹੈ ਪੂਰਾ ਮਾਮਲਾ 
ਇਥੇ ਦੱਸਣਯੋਗ ਹੈ ਕਿ ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਤੇ ਯੂ. ਪੀ. ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਸੜਕ ਕੰਢੇ ਖੜ੍ਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ ਸੀ। ਇਸ ਹਾਦਸੇ ’ਚ ਘੱਟੋ-ਘੱਟ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ।ਜਿਹੜੀ ਗੱਡੀ ਕਿਸਾਨਾਂ ’ਤੇ ਚੜ੍ਹਾਈ ਗਈ ਸੀ, ਉਸ ’ਚ ਗ੍ਰਹਿ ਰਾਜ ਮੰਤਰੀ ਅਜੇ ਟੇਨੀ ਦਾ ਪੁੱਤਰ ਅਤੇ ਹੋਰ ਨਜ਼ੀਦੀਕੀ ਸਵਾਰ ਸਨ।

ਇਹ ਹਾਦਸਾ ਲਖੀਮਪੁਰ ਖੀਰੀ ਦੇ ਤਿਕੁਨੀਆ ਇਲਾਕੇ ’ਚ ਵਾਪਰਿਆ। ਐਤਵਾਰ ਨੂੰ ਲਖੀਮਪੁਰ ਖੀਰੀ ’ਚ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਪਹੁੰਚਣ ਵਾਲੇ ਸਨ ਪਰ ਉਸ ਤੋਂ ਪਹਿਲਾਂ ਹੀ ਤਿਕੁਨੀਆ ’ਚ ਵਿਵਾਦ ਹੋ ਗਿਆ। ਤਿਕੁਨੀਆ ’ਚ ਕਿਸਾਨ ਉੱਪ ਮੁੱਖ ਮੰਤਰੀ ਨੂੰ ਕਾਲੇ ਝੰਡੇ ਵਿਖਾਉਣ ਲਈ ਖੜ੍ਹੇ ਸਨ। ਰਿਪੋਰਟ ਮੁਤਾਬਕ ਉੱਪ ਮੁੱਖ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਕੁਝ ਭਾਜਪਾਈਆਂ ਅਤੇ ਕਿਸਾਨਾਂ ਵਿਚਾਲੇ ਵਿਵਾਦ ਹੋ ਗਿਆ ਸੀ। ਇਸ ਦੇ ਬਾਅਦ ਭਾਜਪਾਈਆਂ ਨੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਸੀ। ਇਸ ਹਿੰਸਾ ਤੋਂ ਬਾਅਦ ਗੁੱਸੇ ’ਚ ਆਏ ਕਿਸਾਨਾਂ ਨੇ ਕਈ ਗੱਡੀਆਂ ਨੂੰ ਵੀ ਅੱਗ ਲਗਾ ਦਿੱਤੀ ਸੀ।