India News

ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਪੁਲਸ ਨੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਹਿਰਾਸਤ ’ਚ ਲਿਆ, ਪੁੱਛ-ਗਿੱਛ ਸ਼ੁਰੂ

ਲਖੀਮਪੁਰ ਖੀਰੀ— ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਹੋਈ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮੰਗਲਵਾਰ ਨੂੰ ਅਪਰਾਧ ਸ਼ਾਖਾ ਦਫ਼ਤਰ ਲਿਜਾਇਆ ਗਿਆ, ਜਿੱਥੇ ਵਿਸ਼ੇਸ਼ ਜਾਂਚ ਦਲ (ਐੱਸ. ਆਈ. ਟੀ.) ਉਸ ਤੋਂ ਪੁੱਛ-ਗਿੱਛ ਕਰ ਰਹੀ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਅਦਾਲਤ ਤੋਂ ਮਨਜ਼ੂਰੀ ਮਿਲਣ ਮਗਰੋਂ ਆਸ਼ੀਸ਼ ਮਿਸ਼ਰਾ ਨੂੰ ਪੁਲਸ ਹਿਰਾਸਤ ’ਚ ਲਿਆ ਗਿਆ। ਸੀਨੀਅਰ ਵਕੀਲ ਐੱਸ. ਪੀ. ਯਾਦਵ ਨੇ ਸੋਮਵਾਰ ਨੂੰ ਦੱਸਿਆ ਕਿ ਅਦਾਲਤ ’ਚ ਆਸ਼ੀਸ਼ ਮਿਸ਼ਰਾ ਨੂੰ 14 ਦਿਨ ਦੀ ਪੁਲਸ ਹਿਰਾਸਤ ’ਚ ਭੇਜਣ ਲਈ ਅਰਜ਼ੀ ਦਿੱਤੀ ਗਈ ਸੀ। ਜਿਸ ’ਤੇ ਸੁਣਵਾਈ ਹੋਈ ਅਤੇ ਅਦਾਲਤ ਨੇ 12 ਤੋਂ 15 ਅਕਤੂਬਰ ਤਕ ਪੁਲਸ ਰਿਮਾਂਡ ’ਚ ਭੇਜਣ ਦੇ ਹੁਕਮ ਦਿੱਤੇ ਹਨ। ਯਾਦਵ ਨੇ ਦੱਸਿਆ ਕਿ ਆਸ਼ੀਸ਼ ਮਿਸ਼ਰਾ ਦੀ ਮੈਡੀਕਲ ਜਾਂਚ ਕਰਵਾਈ ਜਾਵੇਗੀ। ਇਹ ਵੀ ਦੱਸਿਆ ਕਿ ਇਸ ਦੌਰਾਨ ਉਸ ਦੇ ਵਕੀਲ ਮੌਜੂਦ ਰਹਿਣਗੇ। 

ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਪੁਲਸ ਦੀ ਐੱਸ. ਆਈ. ਟੀ. ਨੇ 3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਦੇ ਸਿਲਸਿਲੇ ਵਿਚ ਆਸ਼ੀਸ਼ ਮਿਸ਼ਰਾ ਨੂੰ ਸ਼ਨੀਵਾਰ ਨੂੰ ਕਰੀਬ 12 ਘੰਟੇ ਦੀ ਪੁੱਛ-ਗਿੱਛ ਤੋਂ ਬਾਅਦ ਗਿ੍ਰਫ਼ਤਾਰ ਕੀਤਾ ਅਤੇ ਅੱਧੀ ਰਾਤ ਤੋਂ ਬਾਅਦ ਪੁਲਸ ਨੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਨਿਆਇਕ ਹਿਰਾਸਤ ਵਿਚ ਲਖੀਮਪੁਰ ਜ਼ਿਲ੍ਹਾ ਜੇਲ੍ਹ ਭੇਜ ਦਿੱਤਾ ਗਿਆ। ਐੱਸ. ਆਈ. ਟੀ. ਦੀ ਅਗਵਾਈ ਕਰ ਰਹੇ ਡੀ. ਆਈ. ਜੀ. ਉਪੇਂਦਰ ਅਗਰਵਾਲ ਨੇ ਸ਼ਨੀਵਾਰ ਦੀ ਰਾਤ ਨੂੰ ਮਿਸ਼ਰਾ ਦੀ ਗਿ੍ਰਫ਼ਤਾਰੀ ਮਗਰੋਂ ਪੱਤਰਕਾਰਾਂ ਨੂੰ ਦੱਸਿਆ ਕਿ ਮਿਸ਼ਰਾ ਨੇ ਪੁਲਸ ਦੇ ਪ੍ਰਸ਼ਨਾਂ ਦਾ ਸਹੀ ਉੱਤਰ ਨਹੀਂ ਦਿੱਤਾ ਅਤੇ ਜਾਂਚ ’ਚ ਸਹਿਯੋਗ ਨਹੀਂ ਕੀਤਾ, ਇਸ ਲਈ ਉਨ੍ਹਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ।