Punjab News

ਲੋਕ ਸਭਾ ਚ ਬੋਲੇ ਭਗਵੰਤ ਮਾਨ- ਅੰਦੋਲਨ ਚ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਸਰਕਾਰ ਨੇ ਅਜੇ ਤੱਕ ਨਹੀਂ ਦਿੱਤਾ ਮੁਆਵਜ਼ਾ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਲੋਕ ਸਭਾ ਵਿੱਚ ਕਿਸਾਨਾਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਸ਼ੂਗਰ ਐਕਟ 1966 ਤਹਿਤ ਗੰਨੇ ਦੇ ਕਿਸਾਨਾਂ ਨੇ 14 ਦਿਨਾਂ ਦੇ ਅੰਦਰ ਖੰਡ ਮਿੱਲ ਨੂੰ ਅਦਾਇਗੀ ਕਰਨੀ ਹੁੰਦੀ ਹੈ, ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਵਿਆਜ ਅਦਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ 2020-21 ਤੱਕ ਸਰਕਾਰੀ ਰੇਟ 360 ਰੁਪਏ ਪ੍ਰਤੀ ਕੁਇੰਟਲ ਸੀ, ਮਿੱਲਾਂ 325 ਦਿੰਦੀਆਂ ਸਨ, 35 ਰੁਪਏ ਸਰਕਾਰ ਨੇ ਦੇਣੇ ਸਨ। ਸਵਾ ਕਰੋੜ ਪਿਛਲੇ ਸਾਲ ਦੀ ਤੇ 20 ਕਰੋੜ ਰੁਪਏ ਇਸ ਸਾਲ ਦੀ ਅਦਾਇਗੀ ਬਕਾਇਆ ਪਈ ਹੈ, ਜਿਸ ਕਾਰਨ ਕਿਸਾਨ ਬਹੁਤ ਪ੍ਰੇਸ਼ਾਨ ਹਨ ਕਿਉਂਕਿ ਗੰਨੇ ਦੀ ਫ਼ਸਲ ਨੂੰ ਤਿਆਰ ਹੋਣ ‘ਚ ਇਕ ਸਾਲ ਦਾ ਸਮਾਂ ਲੱਗਦਾ ਹੈ, ਇਸ ਲਈ ਗੰਨਾ ਕਿਸਾਨਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਪੂਰੇ ਸਾਲ ਭਰ ਇਸ ਪੈਸੇ ਨਾਲ ਹੀ ਹੁੰਦਾ ਹੈ। ਅਦਾਇਗੀ ਦੇਰ ਨਾਲ ਹੋਣ ਕਾਰਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

 

ਉਨ੍ਹਾਂ ਕਿਹਾ ਕਿ ਨਰਮੇ ਨੂੰ ਗੁਲਾਬੀ ਸੁੰਡੀ ਲੱਗਣ ‘ਤੇ ਵੀ ਕੋਈ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਦਿੱਲੀ ਸਰਹੱਦ ‘ਤੇ ਇਕ ਸਾਲ ਤੋਂ ਚੱਲੇ ਕਿਸਾਨ ਅੰਦੋਲਨ ਦੌਰਾਨ 743 ਕਿਸਾਨਾਂ ਦੀ ਜਾਨ ਚਲੀ ਗਈ, ਜਿਸ ‘ਤੇ ਵੀ ਸਰਕਾਰ ਨੇ ਕੋਈ ਮੁਆਵਜ਼ਾ ਨਹੀਂ ਦਿੱਤਾ, ਕਿਸਾਨਾਂ ‘ਤੇ ਪਰਚੇ ਵੀ ਦਰਜ ਹਨ। ਪ੍ਰਧਾਨ ਮੰਤਰੀ ਮੋਦੀ ਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਤਾਂ ਕੀਤਾ ਪਰ ਕਿਸਾਨਾਂ ਦੀ ਮੌਤ ‘ਤੇ ਕੁਝ ਨਹੀਂ ਕਿਹਾ। ਉਨ੍ਹਾਂ ਕਿਹਾ ਕਿ ਸੰਸਦ ਨੂੰ ਮੇਰੀ ਅਪੀਲ ਹੈ ਕਿ ਜਿਵੇਂ ਬਿੱਲ ਵਾਪਸ ਲਏ ਗਏ ਹਨ, ਉਵੇਂ ਪਰਚੇ ਵੀ ਰੱਦ ਕੀਤੇ ਜਾਣ, ਜੇਕਰ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਚੰਗੀ ਰੋਟੀ ਖਾ ਸਕਦੇ ਹਨ।