Punjab News

ਸਿੱਧੂ ਮੂਸੇਵਾਲਾ ਕਤਲਕਾਂਡ ਦੀ ਨਹੀਂ ਹੋਵੇਗੀ CBI ਜਾਂਚ, SC ਦੀ ਟਿੱਪਣੀ- ਮਾਮਲੇ ਨੂੰ ਨਾ ਦਿਓ ਸਿਆਸੀ ਰੰਗ

ਨਵੀਂ ਦਿੱਲੀ– ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੀ ਸੀ. ਬੀ. ਆਈ. ਜਾਂਚ ਨਹੀਂ ਹੋਵੇਗੀ। ਦਰਅਸਲ ਪੰਜਾਬ ਭਾਜਪਾ ਨੇਤਾ ਜਗਜੀਤ ਸਿੰਘ ਵਲੋਂ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਜਗਜੀਤ ਸਿੰਘ ਮਿਲਖਾ ਨੇ ਸੁਪਰੀਮ ਕੋਰਟ ’ਚ ਇਸ ਕਤਲਕਾਂਡ ਨੂੰ ਲੈ ਕੇ ਸੀ. ਬੀ. ਆਈ. ਜਾਂਚ ਦੀ ਮੰਗ ਲਈ ਪਟੀਸ਼ਨ ਦਾਇਰ ਕੀਤੀ ਸੀ। ਕੋਰਟ ਨੇ ਸੀ. ਬੀ. ਆਈ. ਜਾਂਚ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਪੰਜਾਬ ਪੁਲਸ ਕਰ ਰਹੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕੋਰਟ ਦਾ ਦਰਵਾਜ਼ਾ ਸਾਰਿਆਂ ਲਈ ਖੁੱਲ੍ਹਾ ਹੈ ਪਰ ਅਸੀਂ ਨਹੀਂ ਚਾਹੁੰਦੇ ਕਿ ਇਸ ਮਾਮਲੇ ਨੂੰ ਸਿਆਸੀ ਰੰਗ ਦਿੱਤਾ ਜਾਵੇ।

 

ਦਰਅਸਲ ਭਾਜਪਾ ਨੇਤਾ ਨੇ ਪਟੀਸ਼ਨ ’ਚ ਸਿੱਧੂ ਮੂਸੇਵਾਲਾ ਦੇ ਕਤਲ ’ਤੇ ਪੰਜਾਬ ਸਰਕਾਰ ਖ਼ਿਲਾਫ਼ ਸਵਾਲ ਵੀ ਖੜ੍ਹੇ ਕੀਤੇ ਸਨ। ਉਨ੍ਹਾਂ ਕਿਹਾ ਸੀ ਕਿ ਇਕ ਦਿਨ ਪਹਿਲਾਂ ਮੂਸੇਵਾਲਾ ਦੀ ਸੁਰੱਖਿਆ ਹਟਾਈ ਗਈ ਅਤੇ ਫਿਰ ਉਸ ਨੂੰ ਉਜਾਗਰ ਵੀ ਕੀਤਾ ਗਿਆ। ਇਸ ਦੇ ਤੁਰੰਤ ਬਾਅਦ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ। ਜਗਜੀਤ ਸਿੰਘ ਨੇ ਆਪਣੀ ਪਟੀਸ਼ਨ ’ਚ ਕਿਹਾ ਸੀ ਕਿ ਪੰਜਾਬ ਪੁਲਸ ਤੋਂ ਹਟਾ ਕੇ ਜਾਂਚ ਸੀ. ਬੀ. ਆਈ. ਨੂੰ ਸੌਂਪੀ ਜਾਵੇ।

 

ਜ਼ਿਕਰਯੋਗ ਹੈ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ ’ਚ ਅਣਪਛਾਤੇ ਹਮਲਾਵਰਾਂ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਮੂਸੇਵਾਲਾ ਦੇ ਕਤਲ ਦੇ ਪਿੱਛੇ ਗੈਂਗਸਟਰਾਂ ਦਾ ਹੱਥ ਦੱਸਿਆ ਗਿਆ। ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਮੁਤਾਬਕ ਮੂਸੇਵਾਲਾ ਦਾ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਗਿਰੋਹ ਅਤੇ ਗੋਲਡੀ ਬਰਾੜ ਨੇ ਲਈ ਹੈ। ਲਾਰੈਂਸ ਇਸ ਸਮੇਂ ਪੰਜਾਬ ਪੁਲਸ ਦੀ ਗ੍ਰਿਫਤ ’ਚ ਹੈ ਅਤੇ ਉਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।