Punjab News

ਸੁਖਬੀਰ ਸਿੰਘ ਬਾਦਲ ਵਲੋਂ ਅਸਤੀਫ਼ੇ ਦੀ ਖ਼ਬਰਾਂ ਦਰਮਿਆਨ ਅਕਾਲੀ ਦਲ ਦੀ ਪ੍ਰੈੱਸ ਕਾਨਫਰੰਸ, ਆਇਆ ਵੱਡਾ ਬਿਆਨ

ਚੰਡੀਗੜ੍ਹ : ਸੁਖਬੀਰ ਬਾਦਲ ਵਲੋਂ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ੇ ਦਿੱਤੇ ਜਾਣ ਦੀ ਖ਼ਬਰਾਂ ਦਰਮਿਆਨ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਨੂੰ ਮਹਿਜ਼ ਅਫਵਾਹ ਕਰਾਰ ਦਿੱਤਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸੁਖਬੀਰ ਬਾਦਲ ਵਲੋਂ ਅਸਤੀਫਾ ਦਿੱਤੇ ਜਾਣ ਵਰਗੀ ਕੋਈ ਗੱਲ ਨਹੀਂ ਹੈ। ਜਿੰਨੀ ਏਕਤਾ ਅਕਾਲੀ ਦਲ ਵਿਚ ਹੈ, ਇੰਨੀ ਕਿਸੇ ਹੋਰ ਪਾਰਟੀ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਅਕਾਲੀ ਦਲ ਦੇ ਨਾਲ ਖੜ੍ਹੇ ਹੋਣ ਦਾ ਹੈ, ਅਕਾਲੀ ਦਲ ਸਿਧਾਂਤਾ ਵਾਲੀ ਪਾਰਟੀ ਹੈ ਅਤੇ ਇਸ ਪਾਰਟੀ ਨੇ ਬਹੁਤ ਉਤਰਾਅ-ਚੜ੍ਹਾਅ ਵਾਲਾ ਦੌਰ ਦੇਖਿਆ ਹੈ।

ਭੂੰਦੜ ਨੇ ਕਿਹਾ ਕਿ ਉਹ ਪਾਰਟੀ ਦੇ ਸੱਚੇ ਸਿਪਾਹੀ ਹਨ ਅਤੇ ਹਮੇਸ਼ਾਂ ਪਾਰਟੀ ਦੇ ਨਾਲ ਖੜ੍ਹੇ ਹਨ। ਉਹ ਬਾਕੀ ਆਗੂਆਂ ਨੂੰ ਵੀ ਅਪੀਲ ਕਰਦੇ ਹਨ ਕਿ ਇਹ ਸਮਾਂ ਪਾਰਟੀ ਨਾਲ ਡੱਟ ਕੇ ਸਾਥ ਦੇਣ ਹੈ, ਅਖੀਰ ਵਿਚ ਜਿੱਤ ਅਸੂਲਾਂ ਦੀ ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਚੋਣ ਵਿਚ ਪਾਰਟੀ ਦੀ ਹਾਰ ਹੁੰਦੀ ਹੈ ਤਾਂ ਇਸ ਲਈ ਇਕੱਲਾ ਪ੍ਰਧਾਨ ਜ਼ਿੰਮੇਵਾਰ ਨਹੀਂ ਹੁੰਦਾ ਸਗੋਂ ਸਮੁੱਚੀ ਪਾਰਟੀ ਦੀ ਜ਼ਿੰਮੇਵਾਰੀ ਬਣਦੀ ਹੈ। ਲਿਹਾਜ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਾਂ। ਭੂੰਦੜ ਨੇ ਕਿਹਾ ਕਿ ਸਿਆਸਤ ਵਿਚ ਕਦੇ ਵੀ ਸਮਾਂ ਇਕੋ ਜਿਹਾ ਨਹੀਂ ਰਹਿੰਦਾ 2017 ਦੀਆਂ ਚੋਣਾਂ ਵਿਚ 68 ਸੀਟਾਂ ਜਿੱਤਣ ਵਾਲੀ ਕਾਂਗਰਸ ਦਾ ਹਾਲ ਅੱਜ ਸਾਰਿਆਂ ਦੇ ਸਾਹਮਣੇ ਹੈ, ਇਸ ਤੋਂ ਇਲਾਵਾ ਲੰਘੀਆਂ ਵਿਧਾਨ ਸਭਾ ਚੋਣਾਂ ਵਿਚ 92 ਸੀਟਾਂ ਜਿੱਤਣ ਵਾਲੀ ਆਮ ਆਦਮੀ ਪਾਰਟੀ ਆਪਣੀ ਮਜ਼ਬੂਤ ਸੀਟ ਹਾਰ ਗਈ ਹੈ। 

ਸੋਸ਼ਲ ਮੀਡੀਆ ’ਤੇ ਉੱਡੀ ਸੀ ਸੁਖਬੀਰ ਬਾਦਲ ਦੇ ਅਸਤੀਫ਼ੇ ਦੀ ਖ਼ਬਰ
ਦੱਸਣਯੋਗ ਹੈ ਕਿ ਸੰਗਰੂਰ ਜ਼ਿਮਨੀ ਚੋਣ ਵਿਚ ਹੋਈ ਨਿਰਾਸ਼ਾਜਨਕ ਹਾਰ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦੀ ਖ਼ਬਰ ਵਾਇਰਲ ਹੋਇਆ ਸੀ। ਇਹ ਵੀ ਆਖਿਆ ਜਾ ਰਿਹਾ ਸੀ ਕਿ ਸੁਖਬੀਰ ਬਾਦਲ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ। ਇਸ ਅਫਵਾਹ ਤੋਂ ਬਾਅਦ ਅਕਾਲੀ ਦਲ ਵਲੋਂ ਬਲਵਿੰਦਰ ਸਿੰਘ ਭੂੰਦੜ ਨੂੰ ਮੀਡੀਆ ਸਾਹਮਣੇ ਭੇਜ ਕੇ ਬਕਾਇਦਾ ਸਪੱਸ਼ਟੀਕਰਨ ਦੇਣਾ ਪਿਆ ਹੈ।