Punjab News

ਹਰਸਿਮਰਤ ਬਾਦਲ ਨੇ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ, ਕਿਹਾ ਮੁਨੱਖਾਂ ਦੇ ਨਾਲ ਧਾਰਮਿਕ ਗ੍ਰੰਥਾਂ ਦੀ ਵੀ ਸੁਰੱਖਿਆ ਜ਼ਰੂਰੀ

ਬਠਿੰਡਾ: ਬੀਤੇ ਦਿਨੀਂ ਅਫ਼ਗਾਨਿਸਤਾਨ ’ਚ ਤਾਲਿਬਾਨ ਦੀ ਦਹਿਸ਼ਤ ਦਰਮਿਆਨ ਹਿੰਦੂ ਸਿੱਖਾਂ ਦੀ ਹਿਜ਼ਰਤ ਲਗਾਤਾਰ ਜਾਰੀ ਹੈ। ਬੀਤੇ ਦਿਨ ਅਫ਼ਗਾਨਿਸਤਾਨ ਤੋਂ 46 ਸਿੱਖ ਅਤੇ ਹਿੰਦੂ ਵਿਅਕਤੀਆਂ ਨੂੰ ਸੁਰੱਖਿਅਤ ਭਾਰਤ ਲਿਆਂਦਾ ਗਿਆ। ਇਨ੍ਹਾਂ ਵਿਅਕਤੀਆਂ ਨੇ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਵਿੱਤਰ ਸਰੂਪ ਵੀ ਮਰਿਆਦਾ ਸਹਿਤ ਆਪਣੇ ਨਾਲ ਲਿਆਂਦੇ। ਇਸੇ ਦੌਰਾਨ ਹਰਸਿਮਰਤ ਕੌਰ ਬਾਦਲ ਵਲੋਂ ਅਫ਼ਗਾਨਿਸਤਾਨ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਕੀਮਤੀ ਜ਼ਿੰਦਗੀਆਂ ਨੂੰ ਬਚਾਉਣਾ ਜ਼ਰੂਰੀ ਹੈ ਪਰ ਇਸ ਦੇ ਨਾਲ-ਨਾਲ ਧਾਰਮਿਕ ਪਵਿੱਤਰ ਗ੍ਰੰਥਾਂ ਨੂੰ ਸੁਰੱਖਿਅਤ ਕੀਤੇ ਜਾਣ ਦੀ ਤਰਜ਼ੀਹ ਹੋਣੀ ਚਾਹੀਦੀ ਹੈ। ਇਸ ਦੇ ਲਈ ਉਨ੍ਹਾਂ ਨੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਸਾਨੂੰ ਨਾ ਕੇਵਲ ਆਪਣੇ ਸਿੱਖ ਅਤੇ ਹਿੰਦੂ ਭਰਾਵਾਂ ਨੂੰ ਅਫ਼ਗਾਨਿਸਤਾਨ ’ਚ ਨਿਸ਼ਚਿਤ ਮੌਤ ਤੋਂ ਬਚਾਉਣਾ ਚਾਹੀਦਾ ਹੈ ਸਗੋਂ ਉੱਥੇ ਕਈ ਹੱਥ ਲਿਖ਼ਤੀ ਸਰੂਪ ਹਨ। ਜਿਨ੍ਹਾਂ ਨੂੰ ਸੁਰੱਖਿਅਤ ਭਾਰਤ ਲਿਆਇਆ ਜਾਣਾ ਚਾਹੀਦਾ ਹੈ।ਜ਼ਿਕਰਯੋਗ ਹੈ ਕਿ ਐਤਵਾਰ ਨੂੰ 107 ਭਾਰਤੀ ਨਾਗਰਿਕਾਂ ਨਾਲ 23 ਅਫ਼ਗਾਨ ਸਿੱਖਾਂ ਅਤੇ ਹਿੰਦੂਆਂ ਨੂੰ ਭਾਰਤੀ ਹਵਾਈ ਫ਼ੌਜ ਦੇ ਜਹਾਜ਼ ਰਾਹੀਂ ਭਾਰਤ ਲਿਆਂਦਾ ਗਿਆ ਸੀ, ਜਿਸ ਵਿਚ 2 ਅਫ਼ਗਾਨ ਸਿੱਖ ਸੰਸਦ ਮੈਂਬਰ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਵੀ ਸ਼ਾਮਲ ਸਨ।