Punjab News

75ਵਾਂ ਆਜ਼ਾਦੀ ਦਿਹਾੜਾ: ਡਿਪਟੀ ਸਪੀਕਰ ਅਜਾਇਬ ਭੱਟੀ ਸਣੇ ਜਾਣੋ ਹੋਰ ਮੰਤਰੀਆਂ ਨੇ ਕਿੱਥੇ-ਕਿੱਥੇ ਲਹਿਰਾਇਆ ‘ਤਿਰੰਗਾ’

ਫਰੀਦਕੋਟ/ਪਠਾਨਕੋਟ/ਗੁਰਦਾਸਪੁਰ/ਬਰਨਾਲਾ  -ਅੱਜ ਪੂਰਾ ਭਾਰਤ ਵਿਚ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਡ ਬੜੇ ਧੂਮਧਾਮ ਨਾਲ ਮਨਾਈ ਗਈ। ਫਰੀਦਕੋਟ ਵਿਚ ਆਜ਼ਾਦੀ ਦਿਵਸ ਸਮਾਗਮ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਵੱਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਆਜ਼ਾਦੀ ਦਿਹਾੜੇ ਦੀ ਸਭ ਨੂੰ ਵਧਾਈ ਦਿੱਤੀ ਗਈ। ਇਸ ਉਪਰੰਤ ਇਨ੍ਹਾਂ ਵੱਲੋਂ ਪਰੇਡ ਪਜਾਬ ਪੁਲਸ ਬਲ ਦੀ ਪਰੇਡ ਤੋਂ ਸਲਾਮੀ ਲਈ ਅਤੇ ਪੰਜਾਬ ਦੇ ਨਾਮ ਸੰਦੇਸ਼ ਦਿੱਤਾ ਅਤੇ ਪੰਜਾਬ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਗਿਣਵਾਈਆਂ। ਕੋਰੋਨਾ ਕਾਲ ਦੇ ਚਲਦੇ ਸੰਖੇਪ ਪ੍ਰੋਗਰਾਮ ਤਹਿਤ ਆਪਣੇ ਖੇਤਰ ਵਿਚ ਵਧੀਆ ਸੇਵਾਵਾਂ ਨਿਭਾਉਣ ਵਾਲਿਆਂ ਨੂੰ ਸਨਮਾਨਤ ਕੀਤਾ ਗਿਆ। ਸਮਾਗਮ ਦਾ ਸਮਾਪਣ ਰਾਸ਼ਟਰੀ ਗੀਤ ਨਾਲ ਕੀਤਾ ਗਿਆ ।

 

ਗੁਰਦਾਸਪੁਰ ਵਿਚ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਲਹਿਰਾਇਆ ਤਿਰੰਗਾ 
ਗੁਰਦਾਸਪੁਰ (ਸਰਬਜੀਤ)- ਅੱਜ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ  ’ਚ 75ਵਾਂ ਆਜ਼ਾਦੀ ਦਿਹਾੜਾ ਪ੍ਰੋਗਰਾਮ  ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ’ਚ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਉੁਚੇਰੀ ਸਿੱਖਿਆ ਮੰਤਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ‘ਤੇ ਉਨ੍ਹਾਂ ਨਾਲ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ , ਐੱਸ. ਐੱਸ. ਪੀ. ਡਾਂ. ਨਾਨਕ ਸਿੰਘ  ਸਮੇਤ ਹੋਰ ਕਈ ਅਧਿਕਾਰੀ ਵੀ ਹਾਜ਼ਰ ਸਨ।

 

ਇਸ ਸਮਾਗਮ ਦੌਰਾਨ ਪੁਲਸ ਕਰਮਚਾਰੀਆਂ ਵੱਲੋਂ ਪ੍ਰੇਡ ਦਾ ਆਯੋਜਨ ਕੀਤਾ ਗਿਆ। ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਉਨ੍ਹਾਂ ਨੇ ਪਰੇਡ ਦੀ ਸਲਾਮੀ ਵੀ ਲਈ। ਆਜ਼ਾਦੀ ਦਿਹਾੜੇ ਦੇ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ  ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਜਿੱਥੇ ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਦੀ ਕੁਰਬਾਨੀ ਨੂੰ ਯਾਦ ਕੀਤਾ, ਉੱਥੇ ਹੀ ਉਨ੍ਹਾਂ ਨੇ ਆਪਣੀ ਸਰਕਾਰ ਦੀਆਂ ਉਪਲੱਬਧੀਆਂ ਵੀ ਗਿਣਾਈਆਂ। ਇਸ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਪ੍ਰੋਗਰਾਮ ਵਾਲੀ ਜਗ੍ਹਾ ਦੇ ਚਾਰੇ ਪਾਸੇ ਸੁਰੱਖਿਆਂ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। 

ਪਟਿਆਲਾ ਵਿਚ ਬ੍ਰਹਮ ਮਹਿੰਦਰਾ ਨੇ ਨਿਭਾਈ ਝੰਡਾ ਲਹਿਰਾਉਣ ਦੀ ਰਸਮ
ਪਟਿਆਲਾ- ਪੰਜਾਬ ਦੇ ਸਥਾਨਕ ਸਰਕਾਰਾਂ ਸੰਸਦੀ ਮਾਮਲੇ ਚੋਣਾਂ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਬ੍ਰਹਮ ਮਹਿੰਦਰਾ ਨੇ 75ਵੇਂ ਆਜ਼ਾਦੀ ਦਿਵਸ ਮੌਕੇ ਪਟਿਆਲਾ ਵਿਖੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਉਂਡ ਪਟਿਆਲਾ ਵਿਖੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਬਰਨਾਲਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤਿਰੰਗਾ ਲਹਿਰਾਉਣ ਦੀ ਰਸਮ ਨਿਭਾਈ
ਬਰਨਾਲਾ-  ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਸਮਾਗਮ ਦੌਰਾਨ ਲੋੜਵੰਦਾਂ ਨੂੰ ਟਰਾਈ ਸਾਈਕਲ, ਸਿਲਾਈ ਮਸ਼ੀਨਾਂ ਵੰਡੀਆਂ ਗਈਆਂ।

ਪਠਾਨਕੋਟ ਵਿਚ ਅਰੁਣਾ ਚੌਧਰੀ ਨੇ ਲਹਿਰਾਇਆ ਤਿਰੰਗਾ
ਆਜ਼ਾਦੀ ਦਿਹਾੜੇ ਦੇ ਮੌਕੇ ਪਠਾਨਕੋਟ ਦੇ ਸਪੋਰਟਸ ਸਟੇਡੀਅਮ ’ਚ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਚਾਹੁੰਦਾ ਹੈ ਕਿ ਉਸ ਨੂੰ ਆਜ਼ਾਦੀ ਮਿਲੇ ਅਤੇ ਆਪਣੀ ਫਸਲ ਨੂੰ ਕਿਸੇ ਵੀ ਮੰਡੀ ’ਚ ਵੇਚ ਸਕੇ। ਇਸ ਦੇ ਨਾਲ ਹੀ ਫਸਲ ਦਾ ਸਹੀ ਮੁੱਲ ਵੀ ਹਾਸਲ ਕਰ ਸਕੇ। ਇਸੇ ਕਰਕੇ ਕਿਸਾਨ ਕੇਂਦਰ ਸਰਕਾਰ ਦੇ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਧਰਨੇ ’ਤੇ ਬੈਠੇ ਹੋਏ ਹਨ ਅਤੇ ਪੰਜਾਬ ਅਤੇ ਕਿਸਾਨਾਂ ਦੇ ਭਵਿੱਖ ਲਈ ਇਹ ਤਿੰਨੋਂ ਕਾਲੇ ਕਾਨੂੰਨ ਵਾਪਸ ਹੋਣੇ ਜ਼ਰੂਰੀ ਹਨ। 

ਨਵਾਂਸ਼ਹਿਰ ਵਿਚ ਮੰਤਰੀ ਚੰਨੀ ਨੇ ਤਿਰੰਗਾ ਲਹਿਰਾਉਣ ਦੀ ਰਸਮ ਨਿਭਾਈ
ਨਵਾਂਸ਼ਹਿਰ- ਇਥੋਂ ਦੇ ਆਈ. ਟੀ. ਆਈ ਗਰਾਊਂਡ ਵਿਚ ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ।