Punjab News

CM ਮਾਨ ਵੱਲੋਂ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਮੀਟਿੰਗ, ਸਾਰੀਆਂ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਚੰਡੀਗੜ੍ਹ : ਅਨੁਸੂਚਿਤ ਜਾਤੀ ਭਾਈਚਾਰੇ ਵੱਲੋਂ ਬੀਤੀ 12 ਅਗਸਤ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਭਾਈਚਾਰੇ ਦੇ ਆਗੂਆਂ ਨੂੰ 19 ਅਗਸਤ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਦਿੱਤਾ ਸੀ। ਇਸ ਪਿੱਛੋਂ ਜਥੇਬੰਦੀਆਂ ਨੇ ਬੰਦ ਦੀ ਕਾਲ ਨੂੰ ਵਾਪਸ ਲੈ ਲਿਆ ਸੀ। ਅੱਜ ਅਨੁਸੂਚਿਤ ਜਾਤੀ ਭਾਈਚਾਰੇ ਦੇ ਆਗੂਆਂ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਚੰਡੀਗੜ੍ਹ ਵਿਖੇ ਹੋਈ। ਇਸ ਮੀਟਿੰਗ ਤੋਂ ਬਾਅਦ ਭਾਈਚਾਰੇ ਦੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੀਆਂ ਮੰਗਾਂ ਮੰਨ ਲਈਆਂ ਹਨ ਤੇ ਇਕ ਹਫ਼ਤੇ ’ਚ ਸਾਰੀਆਂ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਗਾਂ 178 ਲਾਅ ਦੀਆਂ ਭਰਤੀਆਂ, ਐੱਸ.ਸੀ/ਐੱਸ. ਟੀ. ਐਕਟ ’ਚ ਹੋ ਰਹੇ ਘਪਲਿਆਂ ਦੀ ਜਾਂਚ, ਐੱਸ.ਸੀ/ਐੱਸ. ਟੀ. ਐਕਟ ਦੇ ਪਰਚਿਆਂ ’ਚ ਗ੍ਰਿਫ਼ਤਾਰੀਆਂ ਆਦਿ ਸਮੇਤ ਸਾਰੀਆਂ ਮੰਗਾਂ ਮੰਨ ਲਈਆਂ ਹਨ। ਮੁੱਖ ਮੰਤਰੀ ਨੇ ਐਡਵੋਕੇਟ ਜਨਰਲ (ਏ. ਜੀ.) ਖ਼ਿਲਾਫ਼ ਵੀ ਕਾਰਵਾਈ ਦਾ ਭਰੋਸਾ ਦਿੱਤਾ ਹੈ। ਆਗੂਆਂ ਨੇ ਦੱਸਿਆ ਕਿ ਵਾਲਮੀਕਿ ਤੀਰਥ ਅਸਥਾਨ ਅੰਮ੍ਰਿਤਸਰ ਦੀਆਂ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਹੈ। ਸਕਾਲਰਸ਼ਿਪਸ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ ਤੇ ਸਫ਼ਾਈ ਸੇਵਕਾਂ ਨੂੰ ਪੱਕੇ ਕਰਨ ਦੀ ਮੰਗ ਵੀ ਮੰਨ ਲਈ ਗਈ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਨਾਲ ਪੂਰੀ ਤਰ੍ਹਾਂ ਸਹਿਮਤ ਹਨ ਤੇ ਸਾਰਾ ਅਨੁਸੂਚਿਤ ਜਾਤੀ ਭਾਈਚਾਰਾ ਇਕੱਠਾ ਹੈ। ਜਿਹੜੇ ਅਫ਼ਸਰਾਂ ਨੇ ਸਕਾਲਰਸ਼ਿਪ ਮਾਮਲੇ ’ਚ ਘਪਲੇ ਕੀਤੇ ਹਨ, ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪਟਿਆਲਾ ਚੇਅਰ ਦਾ ਨਾਂ ਮਹਾਰਿਸ਼ੀ ਵਾਲਮੀਕਿ ਤੋਂ ਬਦਲ ਕੇ ਭਗਵਾਨ ਵਾਲਮੀਕਿ ਕਰ ਦਿੱਤਾ ਗਿਆ ਹੈ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਬਾਬਾ ਜੀਵਨ ਸਿੰਘ ਦੀ ਚੇਅਰ ਸਥਾਪਿਤ ਕਰਨ ਦਾ ਭਰੋਸਾ ਦਿੱਤਾ ਹੈ।